ਅੱਜ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣਗੇ ਬਡਰੁੱਖਾਂ ਵਾਸੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਨਵੰਬਰ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਭਲਕੇ 13 ਨਵੰਬਰ ਨੂੰ ਜਨਮ ਦਿਹਾੜਾ ਹੈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੇ ਜਨਮ ਸਥਾਨ ਤੇ ਨਾਨਕੇ ਪਿੰਡ ਬਡਰੁੱਖਾਂ ਵਿੱਚ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਪਰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ’ਚ ਰੁੱਝੀ ਪੰਜਾਬ ਸਰਕਾਰ ਵਲੋਂ ਸ਼ਾਇਦ ਸ਼ੇਰ-ਏ-ਪੰਜਾਬ ਦਾ ਜਨਮ ਦਿਹਾੜਾ ਪਿੰਡ ਬਡਰੁੱਖਾਂ ’ਚ ਮਨਾਉਣਾ ਵਿਸਾਰ ਦਿੱਤਾ ਗਿਆ ਹੈ। ਭਾਵੇਂ ਕਿ ਪੰਜਾਬ ਸਰਕਾਰ ਵਲੋਂ ਬੀਤੀ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਸਮਾਗਮ ਕਰਕੇ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਮ ਦਿਹਾੜੇ ਮੌਕੇ ਕੋਈ ਸਮਾਗਮ ਨਹੀਂ ਕੀਤਾ ਜਾ ਰਿਹਾ। ਭਾਵੇਂ ਸਰਕਾਰ ਨੇ ਵਿਸਾਰ ਦਿੱਤਾ ਹੈ ਪਰ ਪਿੰਡ ਬਡਰੁੱਖਾਂ ਦੇ ਵਸਨੀਕ ਆਪਣੇ ਪਿੰਡ ਦੀ ਧੀ ਮਾਤਾ ਰਾਜ ਕੌਰ ਦੀ ਕੁੱਖੋਂ ਪੈਦਾ ਹੋਏ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣਾ ਕਦੇ ਵੀ ਨਹੀਂ ਭੁੱਲਦੇ। ਅੱਜ ਨੌਜਵਾਨਾਂ ਵਲੋਂ ਸ਼ੇਰ-ਏ -ਪੰਜਾਬ ਦੇ ਬੁੱਤ ਦੀ ਸਾਫ਼ ਸਫਾਈ ਵੀ ਕੀਤੀ ਗਈ। ਭਲਕੇ 13 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਜਨਮ ਦਿਹਾੜੇ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਢਾਡੀ ਦਰਬਾਰ ਹੋਵੇਗਾ ਅਤੇ ਕੀਰਤਨ ਦਰਬਾਰ ਸਜੇਗਾ।