ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਦੀ ਜ਼ਮਾਨਤ ਮਨਜ਼ੂਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਮਾਰਚ
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ 4 ਦਸੰਬਰ ਨੂੰ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਗੋਲੀ ਚਲਾ ਕੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਚੌੜਾ ਨੂੰ ਗ੍ਰਿਫ਼ਤਾਰੀ ਤੋਂ ਕਰੀਬ ਸਾਢੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਜ਼ਮਾਨਤ ਮਿਲੀ ਹੈ। ਚੌੜਾ ਨੇ ਸੁਖਬੀਰ ਸਿੰਘ ਬਾਦਲ ’ਤੇ 4 ਦਸੰਬਰ ਨੂੰ ਦਰਬਾਰ ਸਾਹਿਬ ਸਮੂਹ ਵਿਚ ਉਸ ਵੇਲੇ ਗੋਲੀ ਚਲਾਈ ਸੀ, ਜਦੋਂ ਉਹ ਗੁਰਦੁਆਰੇ ਦੇ ਪ੍ਰਵੇਸ਼ ਦੁਆਰ ’ਤੇ ਸੇਵਾਦਾਰ ਵਜੋਂ ‘ਤਨਖਾਹ’ ਪੂਰੀ ਕਰ ਰਹੇ ਸਨ। ਚੌੜਾ ਇਸ ਵੇਲੇ ਰੋਪੜ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਦੇ ਵਕੀਲਾਂ ਨੇ ਦੱਸਿਆ ਕਿ ਉਹ 26 ਮਾਰਚ ਨੂੰ ਜ਼ਮਾਨਤੀ ਬਾਂਡ ਭਰਨਗੇ ਅਤੇ ਉਸ ਤੋਂ ਬਾਅਦ ਉਹ ਜੇਲ੍ਹ ’ਚੋਂ ਰਿਹਾਅ ਹੋਵੇਗਾ।
ਨਾਰਾਇਣ ਸਿੰਘ ਚੌੜਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ, ਵਕੀਲ ਜਗਦੀਪ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਬਾਜਵਾ ਨੇ ਜ਼ਮਾਨਤ ਮਿਲਣ ਦੀ ਪੁਸ਼ਟੀ ਕੀਤੀ ਹੈ। ਅਦਾਲਤ ਵਿਚੋਂ ਬਾਹਰ ਆਉਣ ਮਗਰੋਂ ਇਨ੍ਹਾਂ ਵਕੀਲਾਂ ਨੇ ਕਿਹਾ ਕਿ ਪੁਲੀਸ ਨੇ ਵਾਰ-ਵਾਰ ਉਸ ਵਿਰੁੱਧ ਪਿਛਲੇ ਸਮੇਂ ਵਿੱਚ ਦਰਜ 28 ਕੇਸਾਂ ਦਾ ਮਾਮਲਾ ਚੁਕਿਆ ਸੀ, ਪਰ ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਪਹਿਲਾਂ ਹੀ ਇਨ੍ਹਾਂ ਕੇਸਾਂ ਵਿੱਚ ਬਰੀ ਹੋ ਚੁੱਕਾ ਹੈ। ਇਸ ਦੀ ਪੁਸ਼ਟੀ ਸੀਨੀਅਰ ਪੁਲੀਸ ਅਧਿਕਾਰੀ ਨੇ ਵੀ ਕੀਤੀ ਸੀ ਜਿਸ ਨੇ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਸੀ। ਉਨ੍ਹਾਂ ਇਸ ਸਬੰਧ ਵਿਚ ਅਦਾਲਤ ਵਿੱਚ ਇੱਕ ਹਲਫ਼ਨਾਮਾ ਵੀ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਚੌੜਾ ਦੀ ਗ੍ਰਿਫ਼ਤਾਰੀ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਹੈ ਪਰ ਇਸ ਮਾਮਲੇ ਵਿਚ ਪੀੜਤ ਨੂੰ ਕੋਈ ਸੱਟ ਨਹੀਂ ਲੱਗੀ। ਉਹ ਕਰੀਬ 70 ਸਾਲ ਦਾ ਸੀਨੀਅਰ ਸਿਟੀਜ਼ਨ ਹੈ ਅਤੇ ਪਹਿਲਾਂ ਹੀ ਸਾਢੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਪੁਲੀਸ ਹਿਰਾਸਤ ਵਿੱਚ ਹੈ। ਪੁਲੀਸ ਨੇ ਉਸ ਖਿਲਾਫ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੁਲੀਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਸੀ।