ਬਲਕਾਰ ਸਿੱਧੂ ਨੇ ਮੂੰਗੀ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 25 ਜੂਨ
ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਫੂਲ ਦੀ ਅਨਾਜ ਮੰਡੀ ਵਿੱਚ ਅੱਜ ਮੂੰਗੀ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਤੇ ਉਨ੍ਹਾਂ ਪਹਿਲੀ ਢੇਰੀ ਵੇਚਣ ਵਾਲੇ ਕਿਸਾਨ ਦਾ ਮੂੰਹ ਵੀ ਮਿੱਠਾ ਕਰਵਾਇਆ।
ਉਨ੍ਹਾਂ ਦੱਸਿਆ ਕਿ ਅੱਜ ਮੂੰਗੀ ਦੀ ਫ਼ਸਲ 7755 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ। ਬਲਕਾਰ ਸਿੱਧੂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀਆਂ ਲੋੜਾਂ ਤੇ ਦੁੱਖਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਕਣਕ, ਝੋਨੇ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਮੂੰਗੀ ਦੀ ਫ਼ਸਲ ‘ਤੇ ਵੀ ਐੱਮਐੱਸਪੀ ਦੇ ਰਹੀ ਹੈ ਜਿਸ ਨਾਲ ਕਿਸਾਨਾਂ ਦਾ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਹੋਰ ਫ਼ਸਲਾਂ ‘ਤੇ ਵੀ ਐੱਮਐੱਸਪੀ ਦੇਣ ਦਾ ਪ੍ਰਬੰਧ ਕਰੇਗੀ ਜਿਸ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਜਾਲ ‘ਚੋਂ ਬਾਹਰ ਕੱਢਿਆ ਜਾ ਸਕੇਗਾ ਅਤੇ ਕਿਰਸਾਨੀ ਇਕ ਲਾਹੇਵੰਦ ਧੰਦਾ ਬਣ ਜਾਵੇਗਾ।
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਕਿ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਤੇ ਮਜ਼ਦੂਰ ਪੱਖੀ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡੀਐੱਮ ਮਾਰਕਫੈੱਡ ਐੱਚਐੱਸ ਧਾਲੀਵਾਲ, ਮਾਰਕੀਟ ਕਮੇਟੀ ਦੇ ਸਕੱਤਰ ਹਰਸ਼ਵੰਤ ਸਿੰਘ, ਮਾਰਕਫੈੱਡ ਦੇ ਮੈਨੇਜਰ ਕਰਮਜੀਤ ਸਿੰਘ, ‘ਆਪ’ ਆਗੂ ਤੇ ਵਰਕਰ ਹਾਜ਼ਰ ਸਨ।