For the best experience, open
https://m.punjabitribuneonline.com
on your mobile browser.
Advertisement

ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ

09:08 AM Dec 06, 2023 IST
ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ
ਮੀਡੀਆ ਨਾਲ ਗੱਲਬਾਤ ਕਰਦੀ ਹੋਈ ਬੀਬੀ ਕਮਲਜੀਤ ਕੌਰ ਤੇ (ਇਨਸੈੱਟ) ਬਲਵੰਤ ਸਿੰਘ ਰਾਜੋਆਣਾ ਦੀ ਪੁਰਾਣੀ ਤਸਵੀਰ। -ਫੋਟੋ: ਏਐੱਨਆਈ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਦਸੰਬਰ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਸਤਾਈ ਸਾਲਾਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਤੋਂ ਰੋਟੀ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਮੰਗ ਹੈ ਕਿ 12 ਸਾਲ ਪਹਿਲਾਂ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਰਹਿਮ ਦੀ ਅਪੀਲ ’ਤੇ ਆਧਾਰਿਤ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਪਸ ਲਵੇ। ਉਂਜ ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਵਾਪਰੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਸਬੰਧੀ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਨੂੰਨੀ ਚਾਰਾਜੋਈ ਨਹੀਂ ਕੀਤੀ ਗਈ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਇਹ ਫਾਈਲ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਬੀਤੇ 12 ਸਾਲਾਂ ਤੋਂ ਅਟਕੀ ਪਈ ਹੈ। ਰਾਜੋਆਣਾ ਨੂੰ ਸ਼ਿਕਵਾ ਹੈ ਕਿ ਇਸ ਪਟੀਸ਼ਨ ਦਾ ਨਿਪਟਾਰਾ ਕਰਾਉਣ ਲਈ ਅਕਾਲੀ ਦਲ ਦੇ ਆਗੂਆਂ ਸਮੇਤ ਸਿੱਖ ਸੰਸਥਾਵਾਂ ਵੱਲੋਂ ਢੁੱਕਵੀਂ ਭੂਮਿਕਾ ਅਦਾ ਨਹੀਂ ਕੀਤੀ ਗਈ।ਇਕ ਅਹਿਮ ਜਾਣਕਾਰੀ ਅਨੁਸਾਰ ਰਾਜੋਆਣਾ ਨਾਲ ਉਸ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਅੱਜ ਦੁਪਹਿਰ ਵੇਲੇ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਨਵਾਂ ਪੱਤਰ ਲਿਖਿਆ ਗਿਆ ਹੈ ਤੇ ਇਹ ਪੱਤਰ ਉਹ ਸਿੰਘ ਸਾਹਿਬ ਨੂੰ ਹੀ ਸੌਂਪਣਗੇ। ਬੀਬੀ ਕਮਲਦੀਪ ਦਾ ਕਹਿਣਾ ਸੀ ਕਿ ਇਹ ਦੇਸ਼ ਦਾ ਇਕਲੌਤਾ ਮਾਮਲਾ ਹੈ, ਜਿਸ ਦੌਰਾਨ ਕੋਈ ਫਾਂਸੀਯਾਫਤਾ ਕੈਦੀ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੋਵੇ ਤੇ ਰਹਿਮ ਦੀ ਅਪੀਲ 12 ਸਾਲਾਂ ਤੋਂ ਲਟਕ ਰਹੀ ਹੋਵੇ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਨੇ ਅਕਾਲੀ ਦਲ ਦੇ ਵਫਦ ਦੀ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਵਾਉਣ ਦੇ ਕਾਰਨਾਂ ਬਾਰੇ ਝੂਠ ਬੋਲਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਕਾਲੀ ਦਲ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਪਾਰਟੀ ਦੇ ਵਫਦ ਦੀ ਮੁਲਾਕਾਤ ਵਾਸਤੇ ਬਕਾਇਦਾ ਕਾਨੂੰਨੀ ਪ੍ਰਕਿਰਿਆ ਅਪਣਾਈ ਸੀ। ਅਕਾਲੀ ਦਲ ਨੂੰ ਉਸੇ ਤਰੀਕੇ ਨਾਲ ਮੁਲਾਕਾਤ ਲਈ ਸਮਾਂ ਮਿਲਿਆ ਜਿਵੇਂ ਏਡੀਜੀਪੀ (ਜੇਲ੍ਹਾਂ) ਨੇ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿੱਤੀ ਸੀ।

Advertisement

ਅਕਾਲ ਤਖ਼ਤ ਦੇ ਜਥੇਦਾਰ ਨੇ ਅੱਜ ਮੀਟਿੰਗ ਸੱਦੀ

ਅੰਮ੍ਰਿਤਸਰ (ਟਨਸ): ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਾਂ ’ਤੇ ਲਿਖੇ ਪੱਤਰ ਤੋਂ ਬਾਅਦ ਇਸ ਮਾਮਲੇ ਨੂੰ ਵਿਚਾਰਨ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 6 ਦਸੰਬਰ ਨੂੰ ਸੱਦੀ ਗਈ ਹੈ। ਇਸ ਇਕੱਤਰਤਾ ਦਾ ਏਜੰਡਾ ਪੰਥਕ ਮੁੱਦਿਆਂ ’ਤੇ ਵਿਚਾਰ ਦੱਸਿਆ ਗਿਆ ਹੈ ਪਰ ਜਾਣਕਾਰੀ ਮੁਤਾਬਕ ਇਸ ਇਕੱਤਰਤਾ ਵਿੱਚ ਭਾਈ ਰਾਜੋਆਣਾ ਦਾ ਮਾਮਲਾ ਪ੍ਰਮੁੱਖਤਾ ਨਾਲ ਵਿਚਾਰੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਉਸ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਰਹਿਮ ਦੀ ਅਪੀਲ ਵਾਪਸ ਲਵੇ। ਰਾਜੋਆਣਾ ਵੱਲੋਂ ਜਥੇਦਾਰ ਨੂੰ ਲਿਖੇ ਗਏ ਪੱਤਰ ਵਿੱਚ ਆਖਿਆ ਗਿਆ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਨਹੀਂ ਲੈਂਦੀ, ਉਸ ਦੀ ਭੁੱਖ ਹੜਤਾਲ ਜਾਰੀ ਰਹੇਗੀ। ਦੂਜੇ ਪਾਸੇ ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਵਾਸਤੇ ਤਖਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਨੁਮਾਇੰਦਿਆਂ ਨੂੰ ਵੀ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਰਾਜੋਆਣਾ ਭੁੱਖ ਹੜਤਾਲ ਲਈ ਮਜਬੂਰ ਹੋਇਆ: ਧਾਮੀ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ-ਪੱਖੀ ਰਵੱਈਏ ਅਤੇ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਨੀਤੀ ਦਾ ਨਤੀਜਾ ਹੈ ਕਿ ਉਸ ਨੂੰ ਇਹ ਸਖਤ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਉਸ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕੀਤਾ ਹੁੰਦਾ ਤਾਂ ਉਸ ਨੂੰ ਭੁੱਖ ਹੜਤਾਲ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਮੁਲਾਕਾਤ ਤੋਂ ਰੋਕ ਕੇ ਵੀ ਇਸ ਮਾਮਲੇ ਨੂੰ ਉਲਝਾਇਆ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਵਲੋਂ ਤਿੰਨ-ਤਿੰਨ ਦਹਾਕਿਆਂ ਤੋਂ ਸਿੱਖ ਬੰਦੀਆਂ ਨੂੰ ਜੇਲ੍ਹਾਂ ਵਿੱਚ ਬੰਦ ਰੱਖ ਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਸਰਕਾਰਾਂ ਵਲੋਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਿਲਣ ਲਈ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ।

ਰਾਜੋਆਣਾ ਦਾ ਮਾਮਲਾ ਲੋਕ ਲਹਿਰ ਬਣ ਕੇ ਉਭਰੇਗਾ: ਚੰਦੂਮਾਜਰਾ

ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ (ਖੇਤਰੀ ਪ੍ਰਤੀਨਿਧ): ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਸਬੰਧੀ ਲੰਬੇ ਸਮੇਂ ਤੋਂ ਫੈਸਲਾ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਸੂਬਾਈ ਸਰਕਾਰ ਨੂੰ ਖੂਬ ਭੰਡਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਵੀ ਸਿੱਖਾਂ ਨਾਲ ਹੁੰਦੇ ਆ ਰਹੇ ਵਿਤਕਰੇ ਅਤੇ ਬੇਇਨਸਾਫੀਆਂ ਦੀਆਂ ਘਟਨਾਵਾਂ ਨਾਲ ਹੀ ਜੁੜਿਆ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਫਾਂਸੀ ਦਾ ਮਾਮਲਾ ਇੱਕ ਵਾਰ ਫੇਰ ਲੋਕ ਲਹਿਰ ਬਣ ਕੇ ਉਭਰੇਗਾ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਜੋਆਣਾ ਇਕਲੌਤੇ ਅਜਿਹੇ ਸ਼ਖ਼ਸ ਹਨ, ਜੋ ਅਠਾਈ ਸਾਲਾਂ ਤੋਂ ਜੇਲ੍ਹ ’ਚ ਬੰਦ ਹਨ ਤੇ ਰਹਿਮ ਦੀ ਅਪੀਲ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ’ਚ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਲੋਕ ਲਹਿਰ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਚੰਦੂਮਾਜਰਾ ਨੇ ਕਿਹਾ ਕਿ ਇਹ ਲੜਾਈ ਹੁਣ ਰਾਜੋਆਣਾ ਦੀ ਨਹੀਂ, ਬਲਕਿ ਸਿੱਖ ਕੌਮ ਦੀ ਹੈ। ਉਨ੍ਹਾਂ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦੀ ਅਪੀਲ ਵੀ ਕੀਤੀ।

Advertisement
Author Image

sukhwinder singh

View all posts

Advertisement
Advertisement
×