ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ’ਤੇ ਪਾਬੰਦੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 11 ਅਕਤੂਬਰ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰ੍ਹਾ ਦੇਣ ਲਈ ਪੰਜ ਤੋਂ ਘੱਟ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ’ਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਅਕਤੂਬਰ ਤੋਂ ਦਸੰਬਰ, 2024 ਤੱਕ ਲਾਗੂ ਰਹਿਣਗੇ।
ਇਸੇ ਤਰ੍ਹਾਂ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫ਼ੋਨ ਟਾਵਰਾਂ, ਸਰਕਾਰੀ ਅਤੇ ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਤੇ ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ ਤੱਕ ਲਾਗੂ ਰਹਿਣਗੇ।