For the best experience, open
https://m.punjabitribuneonline.com
on your mobile browser.
Advertisement

ਬੀਚਾਂ ਤੇ ਰਿਜ਼ੌਰਟਾਂਵਿੱਚ ਆਨੰਦ ਕਾਰਜ ’ਤੇ ਰੋਕ

07:13 AM Oct 17, 2023 IST
ਬੀਚਾਂ ਤੇ ਰਿਜ਼ੌਰਟਾਂਵਿੱਚ ਆਨੰਦ ਕਾਰਜ ’ਤੇ ਰੋਕ
ਅੰਮ੍ਰਿਤਸਰ ਵਿੱਚ ਮੀਟਿੰਗ ਕਰਦੇ ਹੋਏ ਸਿੰਘ ਸਾਹਿਬਾਨ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਅਕਤੂਬਰ
ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਡੈਸਟੀਨੇਸ਼ਨ ਵੈਡਿੰਗ ਦੇ ਨਾਂ ’ਤੇ ਬੀਚ ਅਤੇ ਰਿਜ਼ੌਰਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ ’ਤੇ ਰੋਕ ਲਾ ਦਿੱਤੀ ਹੈ। ਇਸੇ ਤਰ੍ਹਾਂ ਬਠਿੰਡਾ ਦੇ ਗੁਰਦੁਆਰੇ ਵਿੱਚ ਦੋ ਕੁੜੀਆਂ ਦੇ ਸਮਲਿੰਗੀ ਵਿਆਹ ਦੇ ਮਾਮਲੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਯੋਗ ਕਰਾਰ ਦਿੰਦਿਆਂ ਉੱਥੋਂ ਦੇ ਮੁੱਖ ਗ੍ਰੰਥੀ, ਗ੍ਰੰਥੀ ਤੇ ਰਾਗੀ ਜਥੇ ਨੂੰ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੰਜ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖਤ ਸਕੱਤਰੇਤ ਵਿੱਚ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਹਾਜ਼ਰ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਚ ਅਤੇ ਰਿਜ਼ੌਰਟ ਵਿੱਚ ਆਨੰਦ ਕਾਰਜ ਮੌਕੇ ਮਰਿਆਦਾ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਪੁੱਜੀਆਂ ਹਨ, ਜਿਸ ਆਧਾਰ ’ਤੇ ਮਾਮਲਾ ਵਿਚਾਰਨ ਮਗਰੋਂ ਬੀਚ ਅਤੇ ਰਿਜ਼ੋਰਟ ਵਿੱਚ ਡੈਸਟੀਨੇਸ਼ਨ ਵੈਡਿੰਗ ਦੇ ਨਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਲਿਜਾ ਕੇ ਆਨੰਦ ਕਾਰਜ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਈ ਫਿਲਮੀ ਸਿਤਾਰਿਆਂ ਵੱਲੋਂ ਗੈਰ-ਸਿੱਖ ਹੋਣ ਦੇ ਬਾਵਜੂਦ ਸਿੱਖ ਧਰਮ ਵਿੱਚ ਵਿਸ਼ਵਾਸ ਦਰਸਾਉਂਦਿਆ ਹਾਲ ਹੀ ਵਿੱਚ ਡੈਸਟੀਨੇਸ਼ਨ ਵੈਡਿੰਗ ਦੇ ਨਾਂ ਹੇਠ ਆਨੰਦ ਕਾਰਜ ਕੀਤੇ ਗਏ ਹਨ ਪਰ ਹੁਣ ਇਸ ਹੁਕਮਨਾਮੇ ਮਗਰੋਂ ਅਜਿਹਾ ਨਹੀਂ ਹੋ ਸਕੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਇੰਦੌਰ ਦੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰ ਜਗਜੀਤ ਸਿੰਘ ਦੀ ਮੈਂਬਰਸ਼ਿਪ ਖਾਰਜ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਹ ਚੋਣ ਸਬੰਧੀ ਕੀਤੇ ਗਏ ਕੇਸ ਨੂੰ ਵਾਪਸ ਨਹੀਂ ਲੈਂਦਾ ਤੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਭੁੱਲ ਨਹੀਂ ਬਖ਼ਸ਼ਾਉਂਦਾ, ਸੰਗਤ ਉਸ ਦਾ ਬਾਈਕਾਟ ਕਰੇ। ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਿਆਨੀ ਰੋਡ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਵਿੱਚ ਅਯੋਗ ਕਰਾਰ ਦਿੰਦਿਆਂ ਸੰਗਤ ਨੂੰ ਇਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਲਈ ਕਿਹਾ।

Advertisement

ਸਮਲਿੰਗੀ ਵਿਆਹ ਦੇ ਮਾਮਲੇਵਿੱਚ ਬਠਿੰਡਾ ਦੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਅਯੋਗ ਕਰਾਰ

ਬਠਿੰਡਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦੋ ਕੁੜੀਆਂ ਵੱਲੋਂ ਕੀਤੇ ਗਏ ਸਮਲਿੰਗੀ ਵਿਆਹ ਦਾ ਮਾਮਲਾ ਵੀ ਵਿਚਾਰਿਆ ਗਿਆ, ਜਿਸ ਦੀ ਸ੍ਰੀ ਅਕਾਲ ਤਖਤ ਵੱਲੋਂ ਪਹਿਲਾਂ ਜਾਂਚ ਵੀ ਕਰਵਾਈ ਗਈ ਸੀ। ਅੱਜ ਇਸ ਮਾਮਲੇ ਵਿੱਚ ਸਬੰਧਿਤ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੂੰ ਹਮੇਸ਼ਾ ਲਈ ਪ੍ਰਬੰਧ ਚਲਾਉਣ ਵਿੱਚ ਅਯੋਗ ਕਰਾਰ ਦਿੰਦਿਆਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਉਹ ਮੈਂਬਰ ਕਿਸੇ ਵੀ ਗੁਰਦੁਆਰੇ ਦੇ ਪ੍ਰਬੰਧ ਵਿੱਚ ਨਹੀਂ ਆਉਣਗੇ। ਸੰਗਤ ਨੂੰ ਗੁਰਦੁਆਰੇ ਦੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਾਉਣ ਲਈ ਆਖਿਆ ਗਿਆ ਹੈ। ਸਮਲਿੰਗੀ ਜੋੜੇ ਦਾ ਵਿਆਹ ਕਰਵਾ ਕੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗੁਰਦੁਆਰੇ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਪੰਜ ਸਾਲ ਲਈ ਬਲੈਕ ਲਿਸਟ ਕਰ ਦਿੱਤਾ ਗਿਆ ਅਤੇ ਆਦੇਸ਼ ਦਿੱਤਾ ਹੈ ਕਿ ਉਹ ਕਿਸੇ ਵੀ ਗੁਰਦੁਆਰੇ ਜਾਂ ਧਾਰਮਿਕ ਸਮਾਗਮ ਵਿੱਚ ਡਿਊਟੀ ਨਹੀਂ ਕਰਨਗੇ।

Advertisement
Author Image

Advertisement
Advertisement
×