ਬਗੈਰ ਮਨਜ਼ੂਰੀ ਪਟਾਕੇ ਵੇਚਣ ’ਤੇ ਪਾਬੰਦੀ
ਪੱਤਰ ਪ੍ਰੇਰਕ
ਅਮਰਗੜ੍ਹ, 26 ਅਕਤੂਬਰ
ਜ਼ਿਲ੍ਹਾ ਮੈਜਿਸਟ੍ਰੇਟ ਡਾ. ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਟਾਕਿਆਂ ਕਾਰਨ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਰੋਕਣ ਲਈ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਕੋਈ ਵੀ ਵਿਅਕਤੀ ਬਿਨਾਂ ਮਨਜ਼ੂਰਸ਼ੁਦਾ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਨਹੀਂ ਕਰ ਸਕਦਾ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਲਾਇਸੈਂਸ/ਮਨਜ਼ੂਰੀ ਤੋਂ ਬਿਨਾਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਮਰਗੜ੍ਹ ਵਿੱਚ ਦਸਹਿਰਾ ਗਰਾਊਂਡ ਵਿੱਚ ਸਥਾਨਾਂ ਉੱਪਰ ਹੀ ਪਟਾਕਿਆਂ ਦੀ ਵਿਕਰੀ ਹੋ ਸਕੇਗੀ। ਜੇ ਕੋਈ ਦੁਕਾਨਦਾਰ ਇਨ੍ਹਾਂ ਥਾਵਾਂ ਤੋਂ ਬਿਨਾਂ ਕਿਸੇ ਹੋਰ ਸਥਾਨ ’ਤੇ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 31 ਅਕਤੂਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਏ ਜਾ ਸਕਣਗੇ। ਗੁਰਪੁਰਬ ਵਾਲੇ ਦਿਨ 15 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤਨੂੰ 9 ਵਜੇ ਤੋਂ 10 ਵਜੇ ਤੱਕ। ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।