ਬੰਦੀ ਸਿੰਘ: ਮੁਰਮੂ ਤੇ ਮੋਦੀ ਵੱਲੋਂ ਵਫ਼ਦ ਨੂੰ ਸਮਾਂ ਨਾ ਦੇਣ ਦੀ ਨਿੰਦਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਮਾਰਚ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਮਿਲਣ ਲਈ ਸਮਾਂ ਨਾ ਦੇਣ ਦੀ ਨੀਤੀ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ’ਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਾਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਬੀਤੇ ਸਮੇਂ ਅਕਾਲ ਤਖ਼ਤ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਪ੍ਰਧਾਨ ਮੰਤਰੀ ਵੱਲੋਂ ਇਸ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਅਜਿਹਾ ਹੀ ਕਿਹਾ ਗਿਆ ਸੀ।