ਬੰਗਲਾਦੇਸ਼: ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਭ੍ਰਿਸ਼ਟਾਚਾਰ ਦੇ ਮਾਮਲੇ ’ਚੋਂ ਬਰੀ
ਢਾਕਾ, 27 ਨਵੰਬਰ
ਬੰਗਲਾਦੇਸ਼ ਦੀ ਹਾਈ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਦੀ ਪ੍ਰਧਾਨ ਖਾਲਿਦਾ ਜ਼ਿਆ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਸੀ। ਜ਼ਿਆ (79) ਨੂੰ 2018 ਵਿੱਚ ਜ਼ਿਆ ਚੈਰੀਟੇਬਲ ਟਰਸਟ ਭ੍ਰਿਸ਼ਟਾਚਾਰ ਮਾਮਲੇ ਵਿੱਚ ਢਾਕਾ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਨ੍ਹਾਂ ’ਤੇ ਦਸ ਲੱਖ ਟਕਾ ਦਾ ਜੁਰਮਾਨਾ ਵੀ ਲਾਇਆ ਗਿਆ ਸੀ। ਨਿਊਜ਼ ਪੋਰਟਲ ‘ਬੀਡੀਨਿਊਜ਼ 24 ਡਾਟ ਕਾਮ’ ਦੀ ਖ਼ਬਰ ਮੁਤਾਬਕ ਜਸਟਿਸ ਏਕੇਐੱਮ ਅਸਦੁਜ਼ਮਾਨ ਅਤੇ ਜਸਟਿਸ ਸਈਦ ਇਨਾਇਤ ਹੁਸੈਨ ਦੇ ਬੈਂਚ ਨੇ ਜ਼ਿਆ ਦੀ ਅਪੀਲ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ਨੂੰ ਪਲਟ ਦਿੱਤਾ। ਅਨਾਥ ਆਸ਼ਰਮ ਟਰੱਸਟ ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਵੱਲੋਂ ਪੰਜ ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ 8 ਫਰਵਰੀ 2018 ਨੂੰ ਬੀਐੱਨਪੀ ਮੁਖੀ ਜ਼ਿਆ ਨੂੰ ਪੁਰਾਣੀ ਢਾਕਾ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। -ਪੀਟੀਆਈ