ਬੰਗਲਾਦੇਸ਼: ਨੌਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਥਾਪਿਆ
ਢਾਕਾ, 6 ਅਗਸਤ
ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਤੇ ਦੇਸ਼ ਛੱਡ ਕੇ ਭੱਜਣ ਤੋਂ ਇਕ ਦਿਨ ਮਗਰੋਂ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰ ਦਿੱਤੀ ਹੈ। ਨੌਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਥਾਪ ਦਿੱਤਾ ਗਿਆ ਹੈ। ਇਹ ਜਾਣਕਾਰੀ ਰਾਸ਼ਟਰਪਤੀ ਦੇ ਪ੍ਰੈੱਸ ਸਕੱਤਰ ਵੱਲੋਂ ਦਿੱਤੀ ਗਈ ਹੈ। ਰਾਸ਼ਟਰਪਤੀ ਦਫ਼ਤਰ ਵੱੱਲੋਂ ਜਾਰੀ ਬਿਆਨ ਮੁਤਾਬਕ ਜੇਲ੍ਹ ਵਿਚ ਬੰਦ ਬੰਗਲਾਦੇਸ਼ ਨੈਸ਼ਨਲ ਪਾਰਟੀ ਦੀ ਚੇਅਰਪਰਸਨ ਤੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਬੰਗਲਾਦੇਸ਼ ਵਿਚ ਸਰਕਾਰ ਵਿਰੋਧੀ ਮੁਜ਼ਾਹਰਿਆਂ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 440 ਹੋ ਗਈ ਹੈ। ਇਸ ਦੌਰਾਨ ਬੰਗਲਾਦੇਸ਼ ਦੀ ਫੌਜ ਨੇ ਸਿਖਰਲੇ ਅਹੁਦਿਆਂ ਵਿਚ ਵੱਡਾ ਫੇਰਬਦਲ ਕਰਦਿਆਂ ਨੈਸ਼ਨਲ ਟੈਲੀਕਮਿਊਨੀਕੇਸ਼ਨ ਮੌਨੀਟਰਿੰਗ ਸੈਂਟਰ (ਐੱਨਟੀਐੱਮਸੀ) ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਜ਼ਿਆਉਲ ਅਹਿਸਨ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਹੈ। ਲੈਫਟੀਨੈਂਟ ਜਨਰਲ ਮੁਹੰਮਦ ਸੈਫੁਲ ਆਲਮ ਨੂੰ ਵਿਦੇਸ਼ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕੁਝ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉਧਰ ਬੀਐੱਸਐੱਫ ਨੇ 4,096 ਕਿਲੋਮੀਟਰ ਲੰਮੀ ਭਾਰਤ-ਬੰਗਲਾਦੇਸ਼ ਕੌਮਾਂਤਰੀ ਸਰਹੱਦ ਦੇ ਨਾਲ ਰਹਿੰਦੇ ਲੋਕਾਂ ਨੂੰ ਸਰਹੱਦ ’ਤੇ ਅਤੇ ਖ਼ਾਸ ਤੌਰ ’ਤੇ ਰਾਤ ਸਮੇਂ ਬਿਨਾਂ ਕਿਸੇ ਜ਼ਰੂਰਤ ਦੇ ਨਾ ਜਾਣ ਦੀ ਸਲਾਹ ਦਿੱਤੀ ਹੈ। ਬੀਐੱਸਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਅੱਜ ਸੰਗਠਿਤ ਚੈੱਕ ਪੋਸਟ (ਆਈਸੀਪੀ) ਦਾ ਦੂਜੇ ਦਿਨ ਵੀ ਦੌਰਾ ਕੀਤਾ। ਸੂਤਰਾਂ ਮੁਤਾਬਕ ਹਸੀਨਾ ਨੂੰ ਸਿਆਸੀ ਸ਼ਰਨ ਦਿੱਤੇ ਜਾਣ ਸਬੰਧੀ ਬਰਤਾਨੀਆ ਨੇ ਅਜੇ ਪੁਸ਼ਟੀ ਨਹੀਂ ਕੀਤੀ ਹੈ। ਪੱਛਮੀ ਮੁਲਕਾਂ ਦੇ ਦਖ਼ਲ ਤੇ ਦਬਾਅ ਮਗਰੋਂ ਅਮਰੀਕਾ ਨੇ ਬੰਗਲਾਦੇਸ਼ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦਾ ਵੀਜ਼ਾ ਰੱਦ ਕਰ ਦਿੱਤਾ ਹੈ।
ਇਸੇ ਦੌਰਾਨ ਸ਼ੇਖ ਹਸੀਨਾ ਦੇ ਪੁੱਤਰ ਸਾਜੀਬ ਵਾਜ਼ੇਦ ਜੁਆਏ ਨੇ ਪੁਲੀਸ, ਬਾਰਡਰ ਗਾਰਡ ਬੰਗਲਾਦੇਸ਼ ਅਤੇ ਫੌਜ ਨੂੰ ਸੰਵਿਧਾਨ ਨੂੰ ਬਰਕਰਾਰ ਰੱਖਣ ਤੇ ਕਿਸੇ ਵੀ ਬਿਨਾ ਚੁਣੀ ਸਰਕਾਰ ਨੂੰ ਸੱਤਾ ਸੰਭਾਲਣ ਤੋਂ ਰੋਕਣ ਲਈ ਕਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਕਰਨ ਨਾਲ ਬੰਗਲਾਦੇਸ਼ ਦੀ 15 ਸਾਲਾਂ ਦੀ ਤਰੱਕੀ ਖਤਰੇ ਵਿੱਚ ਪੈ ਸਕਦੀ ਹੈ ਅਤੇ ਇਹ ਸਥਿਤੀ ਸੰਭਾਵੀ ਤੌਰ ’ਤੇ ਦੇਸ਼ ਨੂੰ ਪਾਕਿਸਤਾਨ ਦੀ ਤਰ੍ਹਾਂ ਉਸ ਰਸਤੇ ’ਤੇ ਲੈ ਕੇ ਜਾ ਸਕਦੀ ਹੈ, ਜੋ ਕਿ ਦੇਸ਼ ਦੇ ਭਵਿੱਖ ਲਈ ਤਬਾਹਕੁਨ ਸਾਬਿਤ ਹੋਵੇਗੀ। -ਪੀਟੀਆਈ