ਬੈਂਕ ਧੋਖਾਧੜੀ: ‘ਆਪ’ ਵਿਧਾਇਕ ਗੱਜਣਮਾਜਰਾ ਨੇ ਸੁਪਰੀਮ ਕੋਰਟ ’ਚੋਂ ਪਟੀਸ਼ਨ ਵਾਪਸ ਲਈ
ਨਵੀਂ ਦਿੱਲੀ, 30 ਜੁਲਾਈ
ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਬੈਂਕ ਧੋਖਾਧੜੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਆਪਣੀ ਪਟੀਸ਼ਨ ਅੱਜ ਸੁਪਰੀਮ ਕੋਰਟ ’ਚੋਂ ਵਾਪਸ ਲੈ ਲਈ ਹੈ। ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਵਿਧਾਇਕ ਗੱਜਣਮਾਜਰਾ ਦੇ ਵਕੀਲ ਦੀ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਸਵੀਕਾਰ ਕਰਦਿਆਂ ਉਸ ਨੂੰ ਜ਼ਮਾਨਤ ਵਾਸਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦੀ ਛੋਟ ਦੇ ਦਿੱਤੀ। ਸਿਖਰਲੀ ਅਦਾਲਤ ਨੇ ਇਸ ਤੋਂ ਪਹਿਲਾਂ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਵਿਧਾਇਕ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦਿਆਂ ਰੱਦ ਕਰ ਦਿੱਤੀ ਸੀ ਕਿ ਇਸ ਵਿੱਚ ਕੁੱਝ ਵੀ ਗ਼ੈਰ-ਕਾਨੂੰਨੀ ਨਹੀਂ ਹੈ। ਸੀਬੀਆਈ ਨੇ 40 ਕਰੋੜ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪਿਛਲੇ ਸਾਲ ਮਈ ਵਿੱਚ ਗੱਜਣਮਾਜਰਾ ਦੇ ਕਈ ਟਿਕਾਣਿਆਂ ’ਤੇ ਛਾਪੇ ਮਾਰੇ ਸਨ। -ਪੀਟੀਆਈ