ਆੜ੍ਹਤੀ ਐਸੋਸੀਏਸ਼ਨ ਵੱਲੋਂ ਬਰਿੰਦਰ ਗੋਇਲ ਦਾ ਸਨਮਾਨ
ਪੱਤਰ ਪ੍ਰੇਰਕ
ਲਹਿਰਾਗਾਗਾ, 29 ਸਤੰਬਰ
ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦਾ ਕੈਬਨਿਟ ਮੰਤਰੀ ਬਣਨ ’ਤੇ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਵੱਲੋਂ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਅਗਵਾਈ ਹੇਠ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨਾਜਾਇਜ਼ ਮਾਈਨਿੰਗ ਬੰਦ ਕਰਵਾ ਕੇ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿੱਚ ਵੱਡੀ ਅਨਾਜ ਮੰਡੀ ਬਣਾਉਣਾ ਉਨ੍ਹਾਂ ਦੇ ਵਿਚਾਰ ਅਧੀਨ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਨਾਲ ਨਾਲ ਹੋਰਨਾਂ ਸੰਸਥਾਵਾਂ ਵੱਲੋਂ ਵਿਧਾਇਕ ਗੋਇਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਉਨ੍ਹਾਂ ਦੇ ਭਰਾ ਨਰਿੰਦਰ ਗੋਇਲ, ਪੁੱਤਰ ਗੌਰਵ ਗੋਇਲ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ ਆਦਿ ਹਾਜ਼ਰ ਸਨ।