ਬਰਿੰਦਰ ਗੋਇਲ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਅਕਤੂਬਰ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਸਿਆਸੀ ਰੰਜਿਸ਼ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਜਾਣ ਬੁਝ ਕੇ ਪ੍ਰੇਸ਼ਾਨ ਕਰ ਰਹੀ ਹੈ। ਲਹਿਰਾਗਾਗਾ ਦੀ ਮੁੱਖ ਅਨਾਜ ਮੰਡੀ ਵਿੱਚ ਮੰਤਰੀ ਗੋਇਲ ਨੇ ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਅਤੇ ਵੱਖ ਵੱਖ ਖਰੀਦ ਅਧਿਕਾਰੀਆਂ ਨਾਲ ਖੁਦ ਕੋਲ ਖੜ੍ਹ ਕੇ ਫਸਲ ਦੀ ਬੋਲੀ ਲਗਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਦੀਆਂ ਚਾਲਾਂ ਚੱਲ ਰਹੀ ਹੈ ਤੇ ਪੂਰੀ ਮਾਤਰਾ ਵਿੱਚ ਪੰਜਾਬ ਨੂੰ ਡੀਏਪੀ ਨਹੀਂ ਭੇਜੀ ਜਾ ਰਹੀ। ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਨੂੰ ਬੇਨਤੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਤੇ ਲਿਫਟਿੰਗ ਸੁਚਾਰੂ ਰੂਪ ਨਾਲ ਚੱਲ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਆਮ ਆਦਮੀ ਪਾਰਟੀ ਜਿੱਤੇਗੀ। ਇਸ ਮੌਕੇ ਗੌਰਵ ਗੋਇਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਆੜ੍ਹਤੀ ਆਗੂ ਜੀਵਨ ਨਾਲ ਤੇ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਓਮ ਪ੍ਰਕਾਸ਼ ਜਵਾਹਰਵਾਲਾ ਆਦਿ ਹਾਜ਼ਰ ਸਨ।