ਬਰਨਾਲਾ: ‘ਆਪ’ ਉਮੀਦਵਾਰ ਧਾਲੀਵਾਲ ਨੇ ਨਾਮਜ਼ਦਗੀ ਭਰੀ
ਪਰਸ਼ੋਤਮ ਬੱਲੀ
ਬਰਨਾਲਾ, 25 ਅਕਤੂਬਰ
ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਅੱਜ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਜਮਾਤੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ (ਛੀਨੀਵਾਲ) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਮੀਤ ਹੇਅਰ ਡੇਂਗੂ ਤੋਂ ਪੀੜਤ ਹੋਣ ਕਾਰਨ ਮੌਕੇ ਤੋਂ ਗੈਰਹਾਜ਼ਰ ਰਹੇ ਪਰ ਮੀਤ ਹੇਅਰ ਦੇ ਪਿਤਾ ਚਮਕੌਰ ਸਿੰਘ ਤੇ ਉਨ੍ਹਾਂ ਦੀ ਮਾਤਾ ਮੌਕੇ ’ਤੇ ਮੌਜੂਦ ਸਨ।
ਹਰਿੰਦਰ ਸਿੰਘ ਧਾਲੀਵਾਲ ਨੇ ਚੋਣ ਮੀਟਿੰਗਾਂ ਦਾ ਦੌਰ ਪਹਿਲਾਂ ਹੀ ਭਖਾਇਆ ਹੋਇਆ ਹੈ। ਅੱਜ ਵੀ ਉਹ ਵੱਡੇ ਕਾਫ਼ਲੇ ਨਾਲ ਮਾਰਚ ਕਰਦਿਆਂ ਐੱਸਡੀਐੱਮ ਦਫ਼ਤਰ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਲੋਕ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ। ਧਾਲੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਤੋਂ ਸਹਿਯੋਗ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੀਤ ਹੇਅਰ ਅਤੇ ਬਾਕੀ ਪਾਰਟੀ ਵਰਕਰਾਂ ਦੇ ਸਹਿਯੋਗ ਸਦਕਾ ਜ਼ਰੂਰ ਜਿੱਤ ਹਾਸਲ ਕਰਨਗੇ।
ਅਕਾਲੀ ਦਲ (ਅ) ਦੇ ਉਮੀਦਵਾਰ ਵੱਲੋੋਂ ਵੀ ਨਾਮਜ਼ਦਗੀ ਪੱਤਰ ਦਾਖਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇੜਲੇ ਪਿੰਡ ਸੰਘੇੜਾ ਦੇ ਗੁਰਦੁਆਰੇ ਵਿੱਚ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਲੱਖਾ ਸਿੰਘ ਸਿਧਾਣਾ, ਅੰਮ੍ਰਿਤ ਕੌਰ ਮਲੋਆ, ਨਵਜੋਤ ਕੌਰ ਲੰਬੀ ਤੇ ਹੋਰ ਹਾਜ਼ਰ ਸਨ।
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ
‘ਆਪ’ ਵੱਲੋਂ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅੱਜ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਬਾਠ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿ ਉਹ ਪਾਰਟੀ ’ਚ ਮੁਢਲੇ ਸਿਧਾਤਾਂ ਦੇ ਉਲਟ ਉੱਭਰੇ ਪਰਿਵਾਰਵਾਦ ਤੇ ‘ਮਿੱਤਰਵਾਦ’ ਦੇ ਖ਼ਿਲਾਫ਼ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਦਿਨ ਉਨ੍ਹਾਂ ਨੂੰ ਪਿੱਛੇ ਹਟਣ ਲਈ ਕੈਬਨਿਟ ਰੈਂਕ ਅਤੇ ਮੰਡੀਕਰਨ ਬੋਰਡ ਪੰਜਾਬ ਦੀ ਚੇਅਰਮੈਨੀ ਪੇਸ਼ਕਸ਼ ਹੋਈ, ਜੋ ਉਨ੍ਹਾਂ ਠੁਕਰਾ ਦਿੱਤੀ ਤੇ ਸਿਰਫ਼ ਲੋਕ ਕਚਹਿਰੀ ਦੇ ਫਤਵੇ ’'ਤੇ ਟੇਕ ਰੱਖੀ ਹੈ। ਗੁਰਦੀਪ ਬਾਠ, ਜਦੋਂ ਕਾਗਜ਼ ਦਾਖ਼ਲ ਕਰਨ ਵਾਲੇ ਸਨ ਤਾਂ ਅਚਾਨਕ ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਤੇ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਨੇ ਬਾਠ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਬਾਠ ਆਪਣੇ ਫ਼ੈਸਲੇ ’ਤੇ ਅੜੇ ਰਹੇ।