ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ
ਪਰਸ਼ੋਤਮ ਬੱਲੀ
ਬਰਨਾਲਾ, 3 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਇਨਸਾਫ਼ ਤੇ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ 'ਤੇ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਇਥੇ ਦਾਣਾ ਮੰਡੀ ਵਿਖੇ ਭਰਵੀਂ ਇਕੱਤਰਤਾ ਕੀਤੀ ਗਈ। ਰੋਸ ਮਾਰਚ ਕਰਦਿਆਂ ਕਚਹਿਰੀ ਚੌਕ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੰਤਰੀ ਅਜੈ ਮਿਸ਼ਰਾ ਟੈਨੀ ਦੀਆਂ ਅਰਥੀਆਂ ਫੂਕੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦਰਦਨਾਕ ਘਟਨਾ ਮਹਿਜ ਹਾਦਸਾ ਨਹੀਂ ਬਲਕਿ ਸਾਜ਼ਿਸ਼ ਸੀ। ਆਗੂਆਂ ਕਿਹਾ ਕਿ ਇਸ ਕਿਸਾਨ ਵਿਰੋਧੀ ਵਤੀਰੇ ਤੋਂ ਦੁਖੀ ਦੇਸ਼ ਭਰ ਦੇ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਅੱਜ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਘਾੜਿਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿੱਤੀ ਜਾਵੇ। ਜੇਲ੍ਹੀਂ ਡੱਕੇ ਬੇਗੁਨਾਹ ਕਿਸਾਨਾਂ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਵਾਪਸ ਲਏ ਜਾਣ। ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੁਰੰਤ ਦਿੱਤੀ ਜਾਵੇ। ਜ਼ਖ਼ਮੀ ਕਿਸਾਨਾਂ ਨੂੰ ਪ੍ਰਵਾਨਿਤ 10-10 ਲੱਖ ਮੁਆਵਜ਼ਾ ਫੌਰੀ ਦਿੱਤਾ ਜਾਵੇ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ,ਦਰਸ਼ਨ ਸਿੰਘ, ਸੁਖਦੇਵ ਸਿੰਘ ਭੋਤਨਾ , ਦਰਸ਼ਨ ਸਿੰਘ ਚੀਮਾ, ਗੁਰਚਰਨ ਸਿੰਘ ਭਦੌੜ ,ਬਲੌਰ ਸਿੰਘ ਛੰਨਾ, ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ ਬਰਨਾਲਾ, ਸੰਦੀਪ ਕੌਰ ,ਰਣਜੀਤ ਕੌਰ ਪੱਤੀ ਸੇਖਵਾਂ ਆਗੂ ਹਾਜ਼ਰ ਸਨ।