ਬਰਨਾਲਾ: ਮਜ਼ਦੂਰ ਜਥੇਬੰਦੀਆਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ
ਲਖਵੀਰ ਸਿੰਘ ਚੀਮਾ
ਟੱਲੇਵਾਲ (ਬਰਨਾਲਾ), 2 ਮਾਰਚ
ਮਜ਼ਦੂਰ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਇਹ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ 5 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਵਿੱਚ ਮਜ਼ਦੂਰਾਂ ਨੂੰ ਧਿਆਨ ਰੱਖ ਕੇ ਫ਼ੈਸਲੇ ਲੈਣ ਦੀ ਮੰਗ ਕੀਤੀ ਹੈ। ਮੰਗਾਂ ਪੂਰੀਆਂ ਨਾ ਕਰਨ ’ਤੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਮਜ਼ਦੂਰ ਆਗੂਆਂ ਮੱਖਣ ਸਿੰਘ ਰਾਮਗੜ੍ਹ, ਗੁਰਪ੍ਰੀਤ ਸਿੰਘ ਰੂੜੇਕੇ ਅਤੇ ਖੁਸ਼ੀਆ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਦੀਆਂ 9 ਮਜ਼ਦੂਰ ਜੱਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸੇ ਤਹਿਤ ਅੱਜ ਬਰਨਾਲਾ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਦਰਸ਼ਨ ਕਰਨ ਦੇ ਨਾਲ ਨਾਲ ਮੰਗ ਪੱਤਰ ਦਿੱਤਾ ਗਿਆ ਹੈ।