ਗੁਰਦੀਪ ਬਾਠ ਦੀ ਬਗ਼ਾਵਤ ਕਾਰਨ ਬਰਨਾਲਾ ਸੀਟ ਹਾਰੇ: ਅਰੋੜਾ
ਆਤਿਸ਼ ਗੁਪਤਾ
ਚੰਡੀਗੜ੍ਹ, 24 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ’ਚ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ’ਚ ਗੁਰਦੀਪ ਬਾਠ ਦੀ ਬਗ਼ਾਵਤ ਕਰ ਕੇ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੀਪ ਸਿੰਘ ਬਾਠ ਨੂੰ ਦੋ ਵਾਰ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਦਾ ਚੇਅਰਮੈਨ ਬਣਾਇਆ। ਇਸ ਦੇ ਬਾਵਜੂਦ ਬਾਠ ਨੇ ਆਪਣੇ ਨਿੱਜੀ ਹਿੱਤਾਂ ਲਈ ਬਗਾਵਤ ਕੀਤੀ। ਇਸੇ ਬਗਾਵਤ ਕਾਰਨ ਬਰਨਾਲਾ ਵਿੱਚ ‘ਆਪ’ ਦੀਆਂ ਵੋਟਾਂ ਦੋ ਹਿੱਸਿਆਂ ’ਚ ਵੰਡ ਗਈਆਂ ਤੇ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਦੀਆਂ ਵੋਟਾਂ ਮਿਲਾਈਆਂ ਜਾਣ ਤਾਂ ਪਾਰਟੀ ਨੇ ਬਰਨਾਲਾ ਵਿੱਚ ਵੀ ਜਿੱਤ ਹਾਸਲ ਕਰਨੀ ਸੀ।
ਇਸ ਦੌਰਾਨ ਅਮਨ ਅਰੋੜਾ ਨੇ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਸੀਟਾਂ ’ਚੋਂ ਤਿੰਨ ਸੀਟਾਂ ’ਤੇ ਜਿੱਤ ਦਿਵਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਸਫਲਤਾ ਨੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਹੁਣ ‘ਆਪ’ ਕੋਲ 117 ਵਿੱਚੋਂ 94 ਵਿਧਾਇਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਰ ਵੀ ਮਿਹਨਤ ਨਾਲ ਹੁਣ ਤੋਂ ਕੰਮ ਕੀਤਾ ਜਾਵੇਗਾ, ਜਿਸ ਸਦਕਾ ‘ਆਪ’ 2027 ਵਿੱਚ ਹੋਰ ਵੀ ਵੱਡੀ ਜਿੱਤ ਹਾਸਲ ਕਰੇਗੀ। ਇਸ ਮੌਕੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਹਰਭਜਨ ਸਿੰਘ ਈਟੀਓ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਸਿੰਘ ਲਾਡੀ ਢੋਸ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
‘ਨਿਗਮ ਚੋਣਾਂ ਵਿੱਚ ਕਿਸੇ ਨੂੰ ਨਾਰਾਜ਼ ਨਹੀਂ ਕਰਾਂਗੇ’
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਵੱਲੋਂ ਕਿਸੇ ਨੂੂੰ ਨਾਰਾਜ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਪਾਰਟੀ ਵੱਲੋਂ ਹਰੇਕ ਹਲਕੇ ਵਿੱਚ ਜਾ ਕੇ ਸਰਵੇਖਣ ਕਰਵਾਇਆ ਜਾਵੇਗਾ ਅਤੇ ਆਮ ਲੋਕਾਂ ਨਾਲ ਸਲਾਹ ਕੀਤੀ ਜਾਵੇਗੀ। ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।