ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਅਕਤੂਬਰ
ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵੱਲੋਂ ਜਾਮ ਲਗਾਇਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਭਾਕਿਯੂ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਮੀਤ ਪ੍ਰਧਾਨ ਜੋਰਾ ਸਿੰਘ ਮਾਝੀ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾਈ ਆਗੂ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੋਈ ਗੰਭੀਰ ਯਤਨ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਹੋਣ ਦੇ ਬਾਵਜੂਦ ਝੋਨੇ ਦੇ ਖਰੀਦ, ਢੋਆਈ ਅਤੇ ਅਦਾਇਗੀ ਦਾ ਮੁਢਲਾ ਪ੍ਰਬੰਧ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਜੇਕਰ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮਰਿੰਦਰ ਕੁਮਾਰ ਬੰਟੀ, ਸ਼ਮਸ਼ੇਰ ਸਿੰਘ ਤੂਰ, ਬੁੱਧ ਸਿੰਘ ਬਾਲਦ, ਜਸਵੰਤ ਸਿੰਘ ਆਦਿ ਹਾਜ਼ਰ ਸਨ।