ਬਠਿੰਡਾ: ਜੈਪਾਲਗੜ੍ਹ ਵਿਚ ਵਿਰਾਸਤੀ ਮੇਲੇ ਦਾ ਰੰਗਾ-ਰੰਗਾ ਆਗਾਜ਼
ਸ਼ਗਨ ਕਟਾਰੀਆ
ਬਠਿੰਡਾ, 21 ਮਾਰਚ
ਇੱਥੇ ਵਿਰਾਸਤੀ ਪਿੰਡ ਜੈਪਾਲਗੜ੍ਹ ’ਚ 18ਵੇਂ ਵਿਰਾਸਤੀ ਮੇਲੇ ਦਾ ਆਗ਼ਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਰਾਸਤੀ ਕਾਫ਼ਲੇ ਨੂੰ ਹਰੀ ਝੰਡੀ ਵਿਖਾ ਕੇ ਬਕਾਇਦਾ ਰਸਮੀ ਉਦਘਾਟਨ ਕੀਤਾ।
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫ਼ਾਊਂਡੇਸ਼ਨ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਮੇਲੇ ਮੌਕੇ ਏਡੀਸੀ (ਜਨਰਲ) ਮੈਡਮ ਪੂਨਮ ਸਿੰਘ ਵੀ ਹਾਜ਼ਰ ਰਹੇ। ਮੇਲੇ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਹਾਜੀ ਰਤਨ ਵਿੱਚ ਅਰਦਾਸ ਕਰਵਾਉਣ ਉਪਰੰਤ ਦਰਗਾਹ ’ਤੇ ਚਾਦਰ ਚੜ੍ਹਾਈ ਗਈ। ਇਸ ਮੌਕੇ ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ, ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਪੰਜਾਬ ਮੀਡੀਅਮ ਇੰਡਸਟ੍ਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ, ਮਾਲਵਾ ਹੈਰੀਟੇਜ਼ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਮਾਨ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਕਨਵੀਨਰ ਰਾਮ ਪ੍ਰਕਾਸ਼ ਜਿੰਦਲ, ਪ੍ਰਧਾਨ ਗੁਰ ਅਵਤਾਰ ਸਿੰਘ ਗੋਗੀ, ਵਾਈਸ ਪ੍ਰਧਾਨ ਬਲਦੇਵ ਸਿੰਘ ਚਾਹਲ, ਸੁਖਦੇਵ ਗਰੇਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ, ਕੌਂਸਲਰ ਬਲਰਾਜ ਸਿੰਘ ਪੱਕਾ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਆਦਿ ਸ਼ਖਸੀਅਤਾਂ ਮੌਜੂਦ ਰਹੀਆਂ।
ਡੀਸੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਸੁਨਹਿਰਾ ਭਵਿੱਖ ਸਿਰਜਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਤੇ ਕ੍ਰਾਂਤੀਕਾਰੀ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਵਿਰਾਸਤੀ ਪਿੰਡ ਜੈਪਾਲਗੜ੍ਹ ਵਿੱਚ 23 ਮਾਰਚ ਤੱਕ ਚੱਲੇਗਾ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ।