For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਸਕੂਲ ਬੱਸਾਂ ਦੀ ਚੈਕਿੰਗ ਦੇ ਹੁਕਮ

11:22 AM Apr 14, 2024 IST
ਬਠਿੰਡਾ  ਸਕੂਲ ਬੱਸਾਂ ਦੀ ਚੈਕਿੰਗ ਦੇ ਹੁਕਮ
ਮਾਨਸਾ ਵਿੱਚ ਸਕੂਲੀ ਵੈਨਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀ। -ਫੋਟੋ: ਮਾਨ
Advertisement

ਸ਼ਗਨ ਕਟਾਰੀਆ
ਬਠਿੰਡਾ, 13 ਅਪਰੈਲ
ਸਕੂਲੀ ਬੱਸਾਂ ਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੇ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਕੂਲੀ ਬੱਸ ਕੋਲ ਫਿਟਨੈਸ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਕਿਹਾ ਕਿ ਬੱਸ ਵਿੱਚ ਉਸ ਦੀ ਰਜਿਸਟਰਡ ਸਿਟਿੰਗ ਕਪੈਸਟੀ ਤੋਂ ਵੱਧ ਬੱਚੇ ਨਾ ਬਿਠਾਏ ਹੋਣ। ਬੱਸ ਵਿੱਚ ਸਪੀਡ ਗਵਰਨਰ ਚਾਲੂ ਹਾਲਤ ਵਿੱਚ ਲੱਗਿਆ ਹੋਵੇ। ਬੱਸਾਂ ਦੇ ਡਰਾਈਵਰ ਕੋਲ ਵੈਲਿਡ ਲਾਇਸੈਂਸ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ‘ਸੇਫ਼ ਸਕੂਲ ਵਾਹਨ ਸਕੀਮ’ ਦੀ ਇੰਨ-ਬਿਨ ਪਾਲਣਾ ਕਰਨਾ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਦਾ ਬੱਚਾ ਸਕੂਲੀ ਵਹੀਕਲ ਦੀ ਡਰਾਈਵਿੰਗ ਕਰਦਾ ਮਿਲਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਸਕੂਲ ਬੱਸ ਵਿੱਚ ਉਕਤ ਨੁਕਤਿਆਂ ਦੀ ਉਲੰਘਣਾ ਮਿਲਣ ’ਤੇ ਸਬੰਧਤ ਸਕੂਲ ਅਤੇ ਬੱਸ ਮਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮਾਨਸਾ (ਪੱਤਰ ਪ੍ਰੇਰਕ): ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ’ਚ ਵਿਦਿਆਰਥੀਆਂ ਨੂੰ ਸਕੂਲ ਲਿਜਾ ਰਹੀ ਬੱਸ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਵਾਪਰੀ ਘਟਨਾ ਨੇ ਹੁਣ ਪੰਜਾਬ ਵਿੱਚ ਅਸਰ ਪਾਉਣ ਆਰੰਭ ਕਰ ਦਿੱਤਾ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੇ ਹੁਕਮਾਂ ’ਤੇ ਸਕੂਲ ਵਾਹਨ ਨੀਤੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਓ.ਏ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 9 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਜਿਸ ਲਈ ਵੈਨ ਵਿੱਚ ਮੁੱਢਲੀਆਂ ਸਹੂਲਤਾਂ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ ਤੇ ਕੈਮਰਾ ਆਦਿ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਰਾਜਿੰਦਰ ਕੁਮਾਰ ਵਰਮਾ, ਹਰੀਸ਼ ਕੁਮਾਰ, ਪੁਲੀਸ ਵਿਭਾਗ ਤੋਂ ਯਾਦਵਿੰਦਰ ਸਿੰਘ ਤੇ ਸੁਰੇਸ਼ ਕੁਮਾਰ ਵੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×