For the best experience, open
https://m.punjabitribuneonline.com
on your mobile browser.
Advertisement

ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਆਗੂ ਤੇ ਵਰਕਰ ਹਿਰਾਸਤ ’ਚ ਲਏ

10:22 AM Jul 02, 2025 IST
ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਆਗੂ ਤੇ ਵਰਕਰ ਹਿਰਾਸਤ ’ਚ ਲਏ
ਬਠਿੰਡਾ ਦੇ ਕੋਟ ਫੱਤਾ ਥਾਣੇ ਵਿਚ ਲਿਆਂਦੇ ਅਕਾਲੀ ਆਗੁ ਤੇ ਵਰਕਰ ਨਾਅਰੇਬਾਜ਼ੀ ਕਰਦੇ ਹੋਏ। ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 2 ਜੁਲਾਈ

Advertisement

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ ਵਰਕਰਾਂ ਨੂੰ ਪਿੰਡ ਭਾਈ ਦੇਸਾ ਵਿਖੇ ਨਾਕੇ ਦੌਰਾਨ ਪੁਲੀਸ ਨੇ ਰੋਕ ਲਿਆ। ਇਨ੍ਹਾਂ ਸਾਰਿਆਂ ਨੂੰ ਬਠਿੰਡਾ ਦੇ ਥਾਣਾ ਕੋਟ ਫੱਤਾ ਵਿੱਚ ਰੱਖਿਆ ਗਿਆ ਹੈ।

Advertisement
Advertisement

ਜਾਣਕਾਰੀ ਅਨੁਸਾਰ ਕਰੀਬ ਦੋ ਦਰਜਨ ਅਕਾਲੀ ਆਗੂ ਅਤੇ ਵਰਕਰ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਕੋਰਟ ਵਿਚ ਪੇਸ਼ੀ ਕਰਕੇ ਚੰਡੀਗੜ੍ਹ ਜਾ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਜੀਠੀਆ ਦੀ ਮੁਹਾਲੀ ਕੋਰਟ ਵਿਚ ਪੇਸ਼ੀ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਨੂੰ ਮੁਹਾਲੀ ਦੇ ਫੇਜ਼ 8 ਸਥਿਤ ਗੁਰਦੁਆਰਾ ਅੰਬ ਸਾਹਿਬ ਵਿਚ ਇਕੱਤਰ ਹੋਣ ਦਾ ਸੱਦਾ ਦਿੱਤਾ ਸੀ। ਅਕਾਲੀ ਵਰਕਰਾਂ ਨੂੰ ਮੁਹਾਲੀ/ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਬਠਿੰਡਾ ਜ਼ਿਲ੍ਹੇ ਅੰਦਰ ਪੁਲੀਸ ਨੇ ਕਈ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ।

ਚੰਡੀਗੜ੍ਹ ਜਾ ਰਹੇ ਅਕਾਲੀ ਵਰਕਰਾਂ ਨੂੰ ਮਾਨਸਾ ਵਿੱਚ ਰੋਕਿਆ

ਜੋਗਿੰਦਰ ਸਿੰਘ ਮਾਨ, ਮਾਨਸਾ

ਉਧਰ ਮਾਨਸਾ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪੁਲੀਸ ਨੇ ਥਾਂ ਥਾਂ ਨਾਕੇ ਲਾਏ। ਵਿਧਾਨ ਸਭਾ ਹਲਕੇ ਮਾਨਸਾ ਦੇ ਇੰਚਾਰਜ ਪ੍ਰੇਮ ਅਰੌੜਾ ਨੂੰ ਅੱਜ ਢੈਪਈ ਪਿੰਡ ਦੇ ਬੱਸ ਅੱਡੇ ’ਤੇ ਹੀ ਰੋਕ ਲਿਆ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੋਗਾ ਹਲਕੇ ਤੋਂ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਉਸ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਉਧਰ ਵਿਧਾਨ ਸਭਾ ਹਲਕਾ ਮੌੜ, ਤਲਵੰਡੀ ਸਾਬੋ, ਸਰਦੂਲਗੜ੍ਹ, ਬੁਢਲਾਡਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਅਤੇ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਇਸ ਇਲਾਕੇ ਵਿਚ ਵੱਖ-ਵੱਖ ਥਾਵਾਂ 'ਤੇ ਰੋਕਿਆ ਗਿਆ ਹੈ।
ਇੱਕ ਜਾਣਕਾਰੀ ਅਨੁਸਾਰ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਰੋਕਿਆ ਗਿਆ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਅਰੌੜਾ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲੋਕਤੰਤਰਿਕ ਹੱਕਾਂ ਦੀ ਉਲੰਘਣਾ ਹੈ।

ਟਾਂਡਾ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ

ਸੁਰਿੰਦਰ ਸਿੰਘ ਗੁਰਾਇਆ, ਟਾਂਡਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ਵਿੱਚ ਹੋਣ ਵਾਲੀ ਪੇਸ਼ੀ ਦੇ ਮੱਦੇ ਨਜ਼ਰ ਹਲਕਾ ਟਾਂਡਾ ਦੇ ਅਕਾਲੀ ਆਗੂਆਂ ਨੂੰ ਸਵੇਰੇ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ। ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਯੂਥ ਆਗੂ ਸਰਬਜੀਤ ਸਿੰਘ ਮੋਮੀ ਸਮੇਤ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕੀਤਾ ਗਿਆ ਹੈ।

Advertisement
Author Image

Advertisement