ਬੀਬੀਐੱਮਬੀ ਵਿਵਾਦ: ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ: ਭਗਵੰਤ ਮਾਨ
ਚੰਡੀਗੜ੍ਹ, 1 ਮਈ
ਬੀਬੀਐੱਮਬੀ ਦੇ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਪਾਣੀ ਛੱਡਣ ਦਾ ਫੈਸਲਾ ਬੁੱਧਵਾਰ ਸ਼ਾਮ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਪੰਜ ਘੰਟੇ ਚੱਲੀ ਮੀਟਿੰਗ ਵਿਚ ਲਿਆ ਗਿਆ।
ਸੂਤਰਾਂ ਨੇ ਦੱਸਿਆ ਕਿ ਬੀਬੀਐੱਮਬੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਹਰਿਆਣਾ ਨੂੰ ਹੋਰ ਪਾਣੀ ਛੱਡਣ ’ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਦਾਅਵਾ ਕੀਤਾ ਕਿ ਗੁਆਂਢੀ ਸੂਬਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਬੀਬੀਐਮਬੀ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਵੀਰਵਾਰ ਨੂੰ ਹਰਿਆਣਾ ਨੂੰ 8,500 ਕਿਊਸਿਕ ਪਾਣੀ ਦੇਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ, ‘‘ਪੂਰਾ ਪੰਜਾਬ ਬੀਬੀਐੱਮਬੀ ਰਾਹੀਂ ਹਰਿਆਣਾ ਨੂੰ ਪਾਣੀ, ਜੋ ਕਿ ਪੰਜਾਬ ਅਤੇ ਪੰਜਾਬੀਆਂ ਦਾ ਹੱਕ ਹੈ, ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦੇ ਵਿਰੁੱਧ ਇੱਕਜੁੱਟ ਹੋ ਗਈ ਹੈ।’’
ਮੁੱਖ ਮੰਤਰੀ ਨੇ ਐਕਸ ਪੋਸਟ ਵਿਚ ਕਿਹਾ, ‘‘ਅਸੀਂ ਕਿਸੇ ਵੀ ਕੀਮਤ ’ਤੇ ਭਾਜਪਾ ਵੱਲੋਂ ਆਪਣੇ ਹੱਕਾਂ ਦੀ ਇਕ ਹੋਰ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਭਾਜਪਾ ਨੂੰ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਭਾਜਪਾ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਦੀ ਨਹੀਂ ਹੋ ਸਕਦੀ।
ਕੈਬਨਿਟ ਮੰਤਰੀ ਅਤੇ ਪੰਜਾਬ ‘ਆਪ’ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਅਸੀਂ ਭਾਜਪਾ ਅਤੇ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਦੀ ਬਾਂਹ ਮਰੋੜਨ ਅਤੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਵਿੱਚੋਂ 8500 ਕਿਊਸਿਕ ਵਾਧੂ ਪਾਣੀ ਛੱਡਣ ਲਈ ਮਜਬੂਰ ਕਰਨ ਦੇ ਫੈਸਲੇ ਵਿਰੁੱਧ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਭਾਜਪਾ ਦੀ 'ਗੁੰਡਾਗਰਦੀ' (ਠੱਗੀ) ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।’’ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਮੁੜ ਧੋਖਾ ਕਰਨ ਦਾ ਦੋਸ਼ ਲਗਾਇਆ। ਚੀਮਾ ਨੇ ਦੋਸ਼ ਲਗਾਇਆ, "ਹਰਿਆਣਾ ਨੂੰ ਹੋਰ ਪਾਣੀ ਦੇ ਕੇ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸਾਬਤ ਕਰ ਦਿੱਤਾ ਹੈ।" -ਪੀਟੀਆਈ