Beant Singh killing: ਬੇਅੰਤ ਸਿੰਘ ਕਤਲ: ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ
ਨਵੀਂ ਦਿੱਲੀ, 25 ਨਵੰਬਰ
Balwant Singh Rajoana: ਸੁਪਰੀਮ ਕੋਰਟ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿੱਚ ਕੀਤੀ ਹੱਤਿਆ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਵਿੱਚ ਤਬਦੀਲੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਹੈ।
ਜਸਟਿਸ ਬੀਆਰ ਗਵੱਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕੇਂਦਰ ਸਰਕਾਰ ਦੇ ਕਹਿਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਸੰਵੇਦਨਸ਼ੀਲ ਹੈ ਅਤੇ ਹੋਰ ਏਜੰਸੀਆਂ ਤੋਂ ਜਾਣਕਾਰੀ ਹਾਸਲ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਅਤੇ ਪੰਜਾਬ ਰਾਜ ਦਾ ਪੱਖ ਸੁਣਨ ਤੋਂ ਬਾਅਦ ਹੀ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ’ਤੇ ਵਿਚਾਰ ਕਰਨਗੇ। ਬੱਬਰ ਖਾਲਸਾ ਜਥੇਬੰਦੀ ਦੇ ਸਹਿਯੋਗੀ ਰਾਜੋਆਣਾ ਨੇ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ।
ਰਾਜੋਆਣਾ ਵਲੋਂ ਕੇਸ ਲੜ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੂੰ ਉਸ ਦੀ ਅਸਥਾਈ ਰਿਹਾਈ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਹ ਲਗਪਗ 29 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ। ਪਟੀਸ਼ਨ ਵਿਚ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਗਈ ਸੀ ਕਿ ਉਸ ਨੇ ਹਾਲੇ ਤੱਕ ਕੁੱਲ 28 ਸਾਲ ਅਤੇ ਅੱਠ ਮਹੀਨੇ ਦੀ ਸਜ਼ਾ ਕੱਟੀ ਲਈ ਹੈ।
ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਦੱਸਣਯੋਗ ਹੈ ਕਿ 31 ਅਗਸਤ, 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਮੁੱਖ ਦਰਵਾਜ਼ੇ ‘ਤੇ ਹੋਏ ਧਮਾਕੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਇਸ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਰਾਜੋਆਣਾ ਨੇ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਤਰਫ਼ੋਂ ਮਾਰਚ 2012 ਵਿੱਚ ਸੰਵਿਧਾਨ ਦੀ ਧਾਰਾ 72 ਤਹਿਤ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਸਦੀ ਰਹਿਮ ਦੀ ਅਪੀਲ ਨਾਲ ਸਮਰੱਥ ਅਥਾਰਟੀ ਵੱਲੋਂ ਨਜਿੱਠਿਆ ਜਾ ਸਕਦਾ ਹੈ।