ਕੁੱਟਮਾਰ ਮਾਮਲਾ: ਐੱਸਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 28 ਨਵੰਬਰ
ਸਹਿਕਾਰੀ ਸਭਾ ਭੂਦਨ ਦੇ ਸਕੱਤਰ ਕਰਨੈਲ ਸਿੰਘ ਨੂੰ ਘਰੋਂ ਚੁੱਕ ਕੇ ਸੀਆਈਏ ਸਟਾਫ਼ ਮਾਹੋਰਾਣਾ ਵਿੱਚ ਕਥਿਤ ਤਸ਼ੱਦਦ ਕਰਨ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਅੱਜ ਦਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਆਗੂ ਜਸਵੰਤ ਸਿੰਘ ਜੱਸੀ ਦੀ ਅਗਵਾਈ ਹੇਠ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਇੱਥੇ ਮੀਟਿੰਗ ਹੋਈ। ਮੀਟਿੰਗ ਵਿੱਚ ਕਰਨੈਲ ਸਿੰਘ ਨੂੰ ਇਨਸਾਫ਼ ਮਿਲਣ ਤੱਕ ਸੋਮਵਾਰ ਤੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਗਿਆ।
ਬੈਠਕ ਵਿੱਚ ਦਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਪਟਿਆਲਾ ਡਿਵੀਜ਼ਨ ਦੇ ਆਗੂ ਮੇਜਰ ਸਿੰਘ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਤੇਜ ਸਿੰਘ, ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਰਣਜੀਤ ਸਿੰਘ ਬਨਭੌਰਾ ਤੋਂ ਇਲਾਵਾ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ, ਬੀਕੇਯੂ (ਡਕੌਂਦਾ- ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੋਹਣੋ ਤੇ ਬੀਕੇਯੂ (ਕਾਦੀਆਂ) ਦੇ ਕੁਲਵਿੰਦਰ ਸਿੰਘ ਸੋਹੀ ਆਦਿ ਸ਼ਾਮਲ ਸਨ। ਬੈਠਕ ’ਚ ਸ਼ਾਮਲ ਆਗੂਆਂ ਨੇ ਕਰਨੈਲ ਸਿੰਘ ’ਤੇ ਹੋਏ ਪੁਲੀਸ ਜਬਰ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ ਪੁਲੀਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੇ ਆਗੂਆਂ ਨਾਲ ਬੈਠਕ ਕਰਕੇ 28 ਨਵੰਬਰ ਨੂੰ ਦੋ ਵਜੇ ਤੱਕ ਕਰਨੈਲ ਸਿੰਘ ’ਤੇ ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਪੁਲੀਸ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੀ ਧਰਨਾ ਚੁੱਕਿਆ ਗਿਆ ਸੀ ਪਰ ਅੱਜ ਤਿੰਨ ਵਜੇ ਤੱਕ ਪੁਲੀਸ ਵੱਲੋਂ ਘਟਨਾ ਦੇ ਜ਼ਿੰਮੇਵਾਰ ਪੁਲੀਸ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਕਰਨ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਕਰਕੇ ਸੋਮਵਾਰ ਤੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਕਰਨੈਲ ਸਿੰਘ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਜ਼ੇਰੇ ਇਲਾਜ ਹੈ, ਜਿਸ ਦੇ ਬਿਆਨ ਹਾਲੇ ਤੱਕ ਦਰਜ ਨਹੀਂ ਕੀਤੇ ਗਏ।