ਜਨਾਲ ਵਿੱਚ ਪਰਿਵਾਰ ਦੇ ਸੱਤ ਮੈਂਬਰਾਂ ਦੀ ਕੁੱਟਮਾਰ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 5 ਅਕਤੂਬਰ
ਦਿੜ੍ਹਬਾ ਨੇੜਲੇ ਪਿੰਡ ਜਨਾਲ ਵਿੱਚ ਗੁਆਂਢੀਆਂ ਵੱਲੋਂ ਇੱਕ ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੇ ਸੱਤ ਜੀਆਂ ਦੀ ਕੁੱਟਮਾਰ ਕੀਤੀ ਗਈ ਜਿਸ ਵਿੱਚ ਦੋ ਮੁਟਿਆਰਾਂ ਸ਼ਾਮਲ ਹਨ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੁਨਾਮ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਜੀਤੀ ਅਤੇ ਸਮਾਜ ਸੇਵੀ ਗੁਰਲਾਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਦਲਿਤ ਭਾਈਚਾਰੇ ਨਾਲ ਸਬੰਧਤ ਹੈ। ਦੋ ਦਿਨ ਪਹਿਲਾਂ ਦੇਰ ਸ਼ਾਮ ਕਰੀਬ 9 ਵਜੇ 10-15 ਵਿਅਕਤੀਆਂ ਨੇ ਪੀੜਿਤ ਪਰਿਵਾਰ ਦੇ ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਇਸ ਦੋ ਮੁਟਿਆਰਾਂ ਰਸ਼ਦੀਪ ਕੌਰ ਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਸੁਰਜੀਤ ਕੌਰ ,ਤਰਸੇਮ ਸਿੰਘ, ਅਰਸ਼ਦੀਪ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਕਈ ਮੈਂਬਰਾਂ ਦੇ ਸਿਰ ਅਤੇ ਲੱਤਾਂ ਬਾਹਾਂ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਜ਼ਖ਼ਮੀਆਂ ਵਿੱਚੋਂ ਕਈਆਂ ਦੇ ਸਿਰ ਵਿੱਚ ਟਾਂਕੇ ਵੀ ਲੱਗੇ ਹਨ। ਗੁਰਲਾਲ ਸਿੰਘ ਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਧਰ, ਥਾਣਾ ਦਿੜ੍ਹਬਾ ਦੇ ਐੱਸਐੱਚਓ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਹਮਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੀੜਤ ਪਰਿਵਾਰਿਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕਰਕੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।