ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣ ਕਰ ਕੇ ਮੈਂ ਵਾਪਸ ਜੇਲ੍ਹ ਜਾ ਰਿਹਾ ਹਾਂ: ਕੇਜਰੀਵਾਲ
ਨਵੀਂ ਦਿੱਲੀ, 2 ਜੂਨ
ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਉਨ੍ਹਾਂ ਕਿਹਾ, ‘‘ਮੈਂ ਜੇਲ੍ਹ ਵਾਪਸ ਜਾ ਰਿਹਾ ਹਾਂ, ਇਸ ਵਾਸਤੇ ਨਹੀਂ ਕਿ ਮੈਂ ਭ੍ਰਿਸ਼ਟਾਚਾਰ ’ਚ ਸ਼ਾਮਲ ਸੀ ਬਲਕਿ ਇਸ ਵਾਸਤੇ ਜਾ ਰਿਹਾ ਹਾਂ ਕਿਉਂਕਿ ਮੈਂ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ। ਮੈਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਨੂੰ ਬਚਾਉਣ ਵਾਸਤੇ ਪ੍ਰਚਾਰ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰਨ ਤੋਂ ਪਹਿਲਾਂ ਅੱਜ ਰਾਜਘਾਟ ਸਥਿਤ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਨਾਟ ਪਲੇਸ ਵਿੱਚ ਹਨੂਮਾਨ ਮੰਦਰ ਵਿੱਚ ਪੂਜਾ ਵੀ ਕੀਤੀ। ਕੇਜਰੀਵਾਲ ਦੇ ਰਾਜਘਾਟ ਦੌਰੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਭਾਜਪਾ ਦੀ ਦਿੱਲੀ ਇਕਾਈ ਦੇ ਮੁਖੀ ਵੀਰੇਂਦਰ ਸਚਦੇਵਾ ਸਣੇ ਕਈ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਪੁਲੀਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਵਾਸਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਰਾਜਘਾਟ ਖੇਤਰ ਤੋਂ ਹਟਾਇਆ ਗਿਆ। ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਕਰਨ ਵਾਸਤੇ ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ 10 ਮਈ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। -ਪੀਟੀਆਈ