ਬੰਗਾਲ: ਨਾਬਾਲਗ ਦੀ ਲਾਸ਼ ਮਿਲਣ ਮਗਰੋਂ ਲੋਕਾਂ ਨੇ ਪੁਲੀਸ ਚੌਕੀ ਸਾੜੀ
ਕੋਲਕਾਤਾ, 5 ਅਕਤੂਬਰ
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ’ਚ ਅੱਜ 10 ਸਾਲਾ ਲੜਕੀ ਦੀ ਲਾਸ਼ ਬਰਾਮਦ ਹੋਣ ਮਗਰੋਂ ਸਥਾਨਕ ਲੋਕਾਂ ਨੇ ਉੱਥੇ ਪੁਲੀਸ ਚੌਥੀ ਸਾੜਨ ਤੋਂ ਇਲਾਵਾ ਵਾਹਨਾਂ ਦੀ ਭੰਨਤੋੜ ਵੀ ਕੀਤੀ। ਪੁਲੀਸ ਅਨੁਸਾਰ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਲੰਘੀ ਸ਼ਾਮ ਤੋਂ ਲਾਪਤਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਕੀਤੀ ਗਈ ਹੈ ਅਤੇ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ।
ਜੈਨਗਰ ਇਲਾਕੇ ’ਚ ਅੱਜ ਸਵੇਰੇ ਸਥਾਨਕ ਲੋਕਾਂ ਨੂੰ ਜਿਵੇਂ ਹੀ ਲੜਕੀ ਦੀ ਲਾਸ਼ ਮਿਲੀ ਤਾਂ ਭੀੜ ਨੇ ਪੁਲੀਸ ਚੌਕੀ ਨੂੰ ਅੱਗ ਲਗਾ ਦਿੱਤੀ ਤੇ ਪੁਲੀਸ ਮੁਲਾਜ਼ਮਾਂ ’ਤੇ ਪਥਰਾਅ ਕੀਤਾ। ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਚੌਕੀ ਬਾਹਰ ਖੜ੍ਹੇ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਨੂੰ ਚੌਕੀ ਛੱਡਣ ਲਈ ਮਜਬੂਰ ਕਰ ਦਿੱਤਾ। ਇਲਾਕੇ ’ਚ ਵੱਡੀ ਗਿਣਤੀ ’ਚ ਪੁਲੀਸ ਮੁਲਾਜ਼ਮ ਭੇਜੇ ਗਏ ਅਤੇ ਐੱਸਡੀਪੀਓ ਤੇ ਹੋਰ ਸੀਨੀਅਰ ਪੁਲੀਸ ਮੁਲਾਜ਼ਮਾਂ ਨੂੰ ਮੌਕੇ ’ਤੇ ਰੋਕਣ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਕੰਟਰੋਲ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਗਏ।
ਪੁਲੀਸ ’ਤੇ ਵੇਲੇ ਸਿਰ ਕਾਰਵਾਈ ਨਾ ਕਰਨ ਦਾ ਦੋਸ਼
ਸਥਾਨਕ ਵਿਅਕਤੀ ਨੇ ਦਾਅਵਾ ਕੀਤਾ ਕਿ ਲੜਕੀ ਦੇ ਪਰਿਵਾਰ ਨੇ ਇਲਾਕੇ ਦੀ ਮਹਿਸਮਾਰੀ ਚੌਕੀ ’ਚ ਐੱਫਆਈਆਰ ਦਰਜ ਕਰਵਾਈ ਸੀ ਪਰ ਪੁਲੀਸ ਨੇ ਤੁਰੰਤ ਕਾਰਵਾਈ ਨਹੀਂ ਕੀਤੀ। ਲੋਕਾਂ ਨੇ ਕਿਹਾ ਕਿ ਉਹ ਮੁਲਜ਼ਮ ਨੂੰ ਸਜ਼ਾ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੂਜੇ ਪਾਸੇ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਸ਼ਿਕਾਇਤ ਮਿਲਣ ਮਗਰੋਂ ਤੁਰੰਤ ਕਾਰਵਾਈ ਕੀਤੀ ਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ