ਚੋਣਾਂ ਮਗਰੋਂ ਹਿੰਸਾ ਕਾਰਨ ਬੇਘਰ ਹੋਏ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਵੇ ਬੰਗਾਲ ਸਰਕਾਰ: ਹਾਈ ਕੋਰਟ
ਕੋਲਕਾਤਾ, 21 ਜੂਨ
ਕਲਕੱਤਾ ਹਾਈ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸੂਬੇ ਵਿੱਚ ਲੋਕ ਸਭਾ ਚੋਣਾਂ ਮਗਰੋਂ ਕਥਿਤ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਉਣ ਲਈ ਕਦਮ ਚੁੱਕੇ। ਉਨ੍ਹਾਂ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਕਥਿਤ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਯਕੀਨੀ ਬਣਾਉਣ ਲਈ ਕਿਹਾ। ਜਸਟਿਸ ਹਰੀਸ਼ ਟੰਡਨ ਦੀ ਅਗਵਾਈ ਵਾਲੀ ਬੈਂਚ ਲੋਕ ਸਭਾ ਚੋਣਾਂ ਮਗਰੋਂ ਪੱਛਮੀ ਬੰਗਾਲ ਵਿੱਚ ਹਿੰਸਾ ਦੇ ਦੋਸ਼ਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਬੈਂਚ ਵੱਲੋਂ ਪੱਛਮੀ ਬੰਗਾਲ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਵਧਾਉਣ ਸਬੰਧੀ ਆਦੇਸ਼ ਲਿਖਤੀ ਰੂਪ ਵਿੱਚ ਦਿੱਤੇ ਜਾਣ ਦੀ ਸੰਭਾਵਨਾ ਹੈ ਜਿਸ ਨੂੰ ਹਾਈ ਕੋਰਟ ਦੀ ਵੈੱਬਸਾਈਟ ’ਤੇ ਸਾਂਝਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਸੂਬੇ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ 21 ਜੂਨ ਤੱਕ ਵਧਾਉਣ ਦਾ ਆਦੇਸ਼ ਦਿੱਤਾ ਸੀ। ਇਸ ਬੈਂਚ ਵਿੱਚ ਜਸਟਿਸ ਹੀਰਨਮੇਅ ਭੱਟਾਚਾਰੀਆ ਵੀ ਸ਼ਾਮਲ ਸਨ। ਬੈਂਚ ਵੱਲੋਂ ਇਨ੍ਹਾਂ ਪਟੀਸ਼ਨ ’ਤੇ ਬੁੱਧਵਾਰ ਨੂੰ ਮੁੜ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ