ਸਭ ਲਈ ਬਿਹਤਰੀਨ ਵਿਦਿਅਕ ਸਹੂਲਤਾਂ ਯਕੀਨੀ ਬਣਾਂਵਾਗੇ: ਕੇਜਰੀਵਾਲ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਅਗਸਤ
ਮੁੱਖ ਮੰਤਰੀ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ ਤੇ ਪਛੜੇ ਵਰਗ ਦੇ ਬੱਚਿਆਂ ਨੂੰ ਬਿਹਤਰੀਨ ਵਿਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਦਿਓਲੀ ਪਹਾੜੀ, ਸੰਗਮ ਵਿਹਾਰ ਵਿੱਚ ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ਲਈ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀਆਰ ਅੰਬੇਡਕਰ ਨੇ ਹਮੇਸ਼ਾ ਕਿਹਾ ਕਿ ਜੇਕਰ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹੋ ਤਾਂ ਦੇਸ਼ ਦੇ ਹਰ ਇੱਕ ਬੱਚੇ ਨੂੰ ਸਿੱਖਿਅਤ ਕਰਨ ਦੀ ਲੋੜ ਹੈ। ਉਹ ਇੱਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਉਨ੍ਹਾਂ ਵਿਦੇਸ਼ ਤੋਂ ਵਧੀਆ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹਰ ਮਹੀਨੇ ਦੋ ਤੋਂ ਤਿੰਨ ਨਵੇਂ ਸਰਕਾਰੀ ਸਕੂਲਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤੇ ਹੁਣ ਕਈ ਗਰੀਬ ਅਤੇ ਪਛੜੇ ਵਰਗ ਦੇ ਬੱਚੇ ਉੱਥੇ ਪੜ੍ਹ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਸਿਰਫ ਸਿੱਖਿਆ ਹੀ ਨਹੀਂ ਬਲਕਿ ਸੰਗਮ ਵਿਹਾਰ ਖੇਤਰ ਵਿੱਚ ਜਲ ਸਪਲਾਈ ਦੀਆਂ ਸਮੱਸਿਆਵਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।
ਇਸ ਨਵੇਂ ਸੀਨੀਅਰ ਸੈਕੰਡਰੀ ਸਕੂਲ ਨਾਲ ਜੇ ਬਲਾਕ, ਸੰਗਮ ਵਿਹਾਰ (ਜ਼ੋਨ 29) ਨੇੜੇ ਸਥਿਤ ਸਰਕਾਰੀ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਲਾਭ ਹੋਵੇਗਾ। ਇਸ ਤੋਂ ਪਹਿਲਾਂ ਇਨ੍ਹਾਂ ਵਿਦਿਆਰਥੀਆਂ ਨੂੰ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਨ ਲਈ 3-4 ਕਿਲੋਮੀਟਰ ਦੂਰ ਤੁਗਲਕਾਬਾਦ ਐਕਸਟੈਨਸ਼ਨ ਜਾਣਾ ਪੈਂਦਾ ਸੀ। ਇਸ ਨਵੇਂ ਸਕੂਲ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਬੱਚਿਆਂ ਕੋਲ ਇੱਕ ਹੋਰ ਵਿਕਲਪ ਵੀ ਹੋਵੇਗਾ। ਇਸ ਨਾਲ ਵਿਦਿਆਰਥੀਆਂ ਦੀ ਘਰ ਤੋਂ ਸਕੂਲ ਤੱਕ ਦੀ ਦੂਰੀ ਵੀ ਘਟੇਗੀ ਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਸਭ ਦੀ ਪਹੁੰਚ ਵਧੇਰੇ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਆਤਿਸ਼ੀ ਵੀ ਮੌਜੂਦ ਸਨ।