For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਦੇ ਘਰ ਪੁੱਜੇ ਭਗਵੰਤ ਮਾਨ

07:10 AM Oct 17, 2023 IST
ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਦੇ ਘਰ ਪੁੱਜੇ ਭਗਵੰਤ ਮਾਨ
ਅਗਨੀਵੀਰ ਅੰਿਮ੍ਰਤਪਾਲ (ਇਨਸੈੱਟ) ਦੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 16 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।
ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਫੌਜੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਸ ਨੇ 19 ਵਰ੍ਹਿਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗ। ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖ਼ਤ ਇਤਰਾਜ਼ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦ-ਭਾਵ ਵਾਲੇ ਇਸ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਫੌਜੀ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ। ਉਨ੍ਹਾਂ ਅਗਨੀਵੀਰ ਯੋਜਨਾ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨ ਲਈ ਕਿਹਾ।

Advertisement

Advertisement

ਖੁਦਕੁਸ਼ੀ ਕਰਨ ਕਾਰਨ ਅੰਮ੍ਰਿਤਪਾਲ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਨਹੀਂ: ਸੈਨਾ

ਨਵੀਂ ਦਿੱਲੀ: ਸੈਨਾ ਨੇ ਅੱਜ ਕਿਹਾ ਕਿ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੇ ਸੰਤਰੀ ਦੀ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਜਿਸ ਕਰ ਕੇ ਉਸ ਦਾ ਸਸਕਾਰ ਫੌਜੀ ਸਨਮਾਨਾਂ ਨਾਲ ਨਹੀਂ ਕੀਤਾ ਗਿਆ ਕਿਉਂਕਿ ਖੁਦ ਨੂੰ ਪਹੁੰਚਾਈ ਗਈ ਸੱਟ ਕਾਰਨ ਹੋਣ ਵਾਲੀ ਮੌਤ ਦੇ ਮਾਮਲੇ ’ਚ ਅਜਿਹਾ ਸਨਮਾਨ ਨਹੀਂ ਦਿੱਤਾ ਜਾਂਦਾ। ਸੈਨਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਸੈਨਿਕਾਂ ਨਾਲ ਇਸ ਆਧਾਰ ’ਤੇ ਪੱਖਪਾਤ ਨਹੀਂ ਕਰਦੀ ਕਿ ਉਹ ‘ਅਗਨੀਪਥ ਯੋਜਨਾ’ ਦੇ ਅਮਲ ਤੋਂ ਪਹਿਲਾਂ ਜਾਂ ਬਾਅਦ ਵਿੱਚ ਸੈਨਾ ਵਿੱਚ ਸ਼ਾਮਲ ਹੋਏ ਸਨ। ਅਜਿਹੇ ਦੋਸ਼ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਸਸਕਾਰ ’ਚ ਫੌਜੀ ਸਨਮਾਨ ਨਹੀਂ ਦਿੱਤਾ ਗਿਆ ਕਿਉਂਕਿ ਉਹ ਇੱਕ ਅਗਨੀਵੀਰ ਸੈਨਿਕ ਸੀ। ਸੈਨਾ ਦੇ ਨਗਰੋਟਾ ਹੈੱਡਕੁਆਰਟਰ ਸਥਿਤ ਵ੍ਹਾਈਟ ਨਾਈਟ ਕੋਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਰਾਜੌਰੀ ਸੈਕਟਰ ’ਚ ਸੰਤਰੀ ਦੀ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਲੰਘੀ ਰਾਤ ਇੱਕ ਬਿਆਨ ’ਚ ਸੈਨਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਮੌਤ ਦੇ ਸਬੰਧ ਵਿੱਚ ਤੱਥਾਂ ਦੀ ਕੁਝ ਗਲਤਫਹਿਮੀ ਤੇ ਗਲਤ ਬਿਆਨੀ ਹੋਈ ਹੈ। -ਪੀਟੀਆਈ

ਸ਼ਹੀਦ ਫੌਜੀ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ

ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਦਿੜ੍ਹਬਾ ਮੰਡੀ/ਸੁਨਾਮ (ਰਣਜੀਤ ਸਿੰਘ ਸ਼ੀਤਲ/ਬੀਰ ਇੰਦਰ ਸਿੰਘ ਬਨਭੌਰੀ): ਕਾਰਗਿਲ ਵਿੱਚ ਬੀਤੇ ਦਿਨੀਂ ਸਿਖਲਾਈ ਦੌਰਾਨ ਵਾਪਰੇ ਹਾਦਸੇ ਵਿੱਚ ਸ਼ਹੀਦ ਹੋਏ ਪੰਜਾਬ ਸਿੱਖ ਰੈਜੀਮੈਂਟ ਯੂਨਿਟ 31 ਦੇ ਜਵਾਨ ਪਰਵਿੰਦਰ ਸਿੰਘ ਦੇ ਘਰ ਪਿੰਡ ਛਾਜਲੀ ਵਿਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਰਵਿੰਦਰ ਸਿੰਘ ਦੇ ਵਿਆਹ ਨੂੰ ਹਾਲੇ ਇੱਕ ਸਾਲ ਹੀ ਹੋਇਆ ਸੀ ਕਿ ਇਹ ਭਾਣਾ ਵਾਪਰ ਗਿਆ। ਇਹ ਪਰਿਵਾਰ ਲਈ ਬਹੁਤ ਦੁੱਖ ਦੀ ਘੜੀ ਹੈ। ਉਨ੍ਹਾਂ ਦੱਸਿਆ ਕਿ ਪਰਵਿੰਦਰ ਦੇ ਪਿਤਾ ਫੌਜ ਵਿੱਚੋਂ ਸੇਵਾਮੁਕਤ ਹੋਏ ਹਨ ਅਤੇ ਉਸ ਦਾ ਭਰਾ ਵੀ ਫੌਜ ਵਿੱਚ ਹੈ, ਇਸ ਲਈ ਉਸ ਦਾ ਪੂਰਾ ਪਰਿਵਾਰ ਹੌਸਲੇ ਵਾਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਤਹਿਤ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਉਹ ਸ਼ਹੀਦ ਦੇ ਪਰਿਵਾਰ ਨੂੰ ਸੰਭਾਲਣਗੇ ਤਾਂ ਹੀ ਪਿੰਡ ਦੇ ਹੋਰ ਨੌਜਵਾਨ ਵੀ ਫੌਜ ਵਿੱਚ ਜਾਣ ਲਈ ਤਿਆਰ ਹੋਣਗੇ ਪਰ ਜੇ ਸ਼ਹੀਦ ਦਾ ਪਰਿਵਾਰ ਰੁਲ ਗਿਆ ਤਾਂ ਪਿੰਡ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਮੁੰਡੇ ਫੌਜ ਵਿੱਚ ਜਾਣ ਲਈ ਤਿਆਰ ਨਹੀਂ ਹੋਣਗੇ।

Advertisement
Author Image

Advertisement