ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸੜਕਾਂ ਨਾ ਰੋਕਣ ਦੀ ਅਪੀਲ

07:30 AM Nov 23, 2023 IST
ਜਲੰਧਰ ਵਿੱਚ ਧਨੋਵਾਲੀ ਨੇੜੇ ਮੁੱਖ ਹਾਈਵੇਅ ’ਤੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਮਲਕੀਅਤ ਸਿੰਘ

ਆਤਿਸ਼ ਗੁਪਤਾ/ਹਤਿੰਦਰ ਮਹਿਤਾ
ਚੰਡੀਗੜ੍ਹ/ਜਲੰਧਰ, 22 ਨਵੰਬਰ
ਪੰਜਾਬ ਦੇ ਫਗਵਾੜਾ ਨੇੜੇ ਕਿਸਾਨਾਂ ਵੱਲੋਂ ਗੰਨੇ ਦਾ ਭਾਅ ਵਧਾਉਣ ਤੇ ਹੋਰਨਾਂ ਮੰਗਾਂ ਸਬੰਧੀ ਕੌਮੀ ਮਾਰਗ ਜਾਮ ਕਰਨ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਅਹਿਮ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਤੋਂ ਖੱਜਲ ਖੁਆਰ ਨਾ ਕਰਨ । ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ‘ਐਕਸ’ ’ਤੇ ਟਵੀਟ ਕਰ ਕੇ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜੇ ਕਿਸਾਨਾਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੜਕਾਂ ਜਾਮ ਕਰਨ ਦੀ ਰਵਾਇਤ ਬੰਦ ਨਾ ਕੀਤੀ ਤਾਂ ਇੱਕ ਦਿਨ ਅਜਿਹਾ ਆਵੇਗਾ ਜਦੋਂ ਲੋਕ ਉਨ੍ਹਾਂ ਪ੍ਰਤੀ ਹਮਦਰਦੀ ਦਿਖਾਉਣੀ ਬੰਦ ਕਰ ਦੇਣਗੇ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਮੰਗਲਵਾਰ ਨੂੰ ਗੰਨੇ ਦੇ ਭਾਅ ਵਿੱਚ ਵਾਧੇ ਲਈ ਜਲੰਧਰ-ਨਵੀਂ ਦਿੱਲੀ ਕੌਮੀ ਸ਼ਾਹਰਾਹ ’ਤੇ ਪਿੰਡ ਧਨੋਵਾਲੀ ਨੇੜੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਸੀ। ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ।
ਮੁੱਖ ਮੰਤਰੀ ਦੀਆਂ ਅਜਿਹੀਆਂ ਟਿੱਪਣੀਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਕਾਫੀ ਨਾਰਾਜ਼ ਹਨ। ਮੁੱਖ ਮੰਤਰੀ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਹੈ ਜਦੋਂ ਕਿਸਾਨਾਂ ਨੇ ਇਕ ਪਾਸੇ ਕੌਮੀ-ਸ਼ਾਹ ਮਾਰਗ ਨੂੰ ਜਾਮ ਕੀਤਾ ਹੋਇਆ ਸੀ, ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਾਮੀ ਸੰਘਰਸ਼ ਦੀ ਵਿਉਂਤਬੰਦੀ ਘੜਨ ਲਈ ਚੰਡੀਗੜ੍ਹ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੀਆਂ 18 ਗੈਰਰਾਜਨੀਤਕ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਖੇਤੀ ਮੰਤਰੀ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖ਼ਿਲਾਫ਼ ਖੜ੍ਹੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀ ਮੰਤਰੀ ਦਾ ਦਫਤਰ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੜਕਾਂ ਬੰਦ ਕਰਨ ਦੀ ਥਾਂ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ।

Advertisement

ਮੁੱਖ ਮੰਤਰੀ ਦਾ ਰਵੱਈਆ ਕਿਸਾਨ ਵਿਰੋਧੀ ਤੇ ਗੈਰਜ਼ਿੰਮੇਵਾਰਾਨਾ ਕਰਾਰ

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ਨੂੰ ਕਿਸਾਨ ਵਿਰੋਧੀ, ਕਿਸਾਨ ਮੁੱਦਿਆਂ ਦੇ ਵਿਰੋਧੀ ਅਤੇ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਐੱਸਕੇਐੱਮ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਕਿਸਾਨਾਂ ਨਾਲ ਵਾਅਦੇ ਕਰਕੇ ਆਏ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ, ਪਰ ਮੁੱਖ ਮੰਤਰੀ ਬਣਦੇ ਹੀ ਕਿਸਾਨਾਂ ਦੇ ਮਸਲੇ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੇ ਦਰਵਾਜ਼ੇ ਹਰ ਆਮ ਬੰਦੇ ਲਈ ਖੁੱਲ੍ਹੇ ਹਨ, ਪਰ ਹਾਲੇ ਤੱਕ ਉਨ੍ਹਾਂ ਨੇ ਕਿਸਾਨੀ ਦੇ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਕੋਈ ਮੀਟਿੰਗ ਨਹੀਂ ਕੀਤੀ। ਇਸ ਦਾ ਜਵਾਬ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਸਾਨ ਜ਼ਰੂਰ ਦੇਣਗੇ।

ਜਲੰਧਰ ਸ਼ਹਿਰ ਵਿੱਚ ਆਵਾਜਾਈ ਦਾ ਬੋਝ ਵਧਿਆ

ਪੁਲੀਸ ਵੱਲੋਂ ਦਿੱਲੀ, ਪਾਣੀਪਤ, ਅੰਬਾਲਾ ਅਤੇ ਲੁਧਿਆਣਾ ਤੋਂ ਆਉਣ ਵਾਲੀ ਆਵਾਜਾਈ ਨੂੰ ਜਲੰਧਰ ਛਾਉਣੀ ਦੇ ਪਰਾਗਪੁਰ ਨੇੜੇ ਰੋਕਿਆ ਜਾ ਰਿਹਾ ਹੈ। ਟਰੈਫਿਕ ਪੁਲੀਸ ਪਰਾਗਪੁਰ ਪਿੰਡ ਦੇ ਅੰਦਰੋਂ ਵਾਹਨਾਂ ਨੂੰ ਭੇਜ ਰਹੀ ਹੈ। ਇਹ ਟਰੈਫਿਕ ਸ਼ਹਿਰ ਦੇ ਅੰਦਰੋਂ ਲੰਘਦਾ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਦਾ ਬੋਝ ਵੀ ਵਧ ਗਿਆ ਹੈ।

Advertisement

Advertisement