ਭਗਵੰਤ ਮਾਨ ਸਰਕਾਰ ਫੇਲ੍ਹ ਸਾਬਿਤ ਹੋਈ: ਪਾਸਲਾ
ਪੱਤਰ ਪ੍ਰੇਰਕ
ਪਠਾਨਕੋਟ, 1 ਅਕਤੂਬਰ
‘ਮਜ਼ਦੂਰਾਂ ਕਿਸਾਨਾਂ ਪ੍ਰਤੀ ਪੰਜਾਬ ਸਰਕਾਰ ਦਾ ਵਤੀਰਾ ਨਿੰਦਣਯੋਗ ਹੈ, ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਜਦ ਕਿ ਅਸਲ ਵਿੱਚ ਸਿੱਖਿਆ ਤੇ ਸਿਹਤ ਸਹੂਲਤਾਂ ਦਾ ਭੱਠਾ ਬਹਿ ਗਿਆ ਹੈ, ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਪਿਛਲੀਆਂ ਸਰਕਾਰਾਂ ਵਾਂਗ ਭਗਵੰਤ ਮਾਨ ਦੀ ਸਰਕਾਰ ਵੀ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।’ ਇਹ ਦੋਸ਼ ਅੱਜ ਇੱਥੇ ਡੀਸੀ ਦਫਤਰ ਮੂਹਰੇ ਨਿਰਮਾਣ ਮਜ਼ਦੂਰਾਂ ਦੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਲਗਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂਂ ਦਾ ਜਵਾਬ ਲੋਕ ਏਕਤਾ ਨਾਲ ਹੀ ਦਿੱਤਾ ਜਾ ਸਕਦਾ ਹੈ। ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਹਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੇਬਰ ਵਿਭਾਗ ਦਾ ਕੰਮ ਆਨਲਾਈਨ ਦੇ ਨਾਲ ਨਾਲ ਆਫਲਾਈਨ ਵੀ ਹੋਣਾ ਚਾਹੀਦਾ ਹੈ। ਅੰਤ ਵਿੱਚ ਸਹਾਇਕ ਲੇਬਰ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।