ਭਗਵੰਤ ਮਾਨ ਵੱਲੋਂ ਨਵੇਂ ਵਿਧਾਇਕਾਂ ਨਾਲ ਮੁਲਾਕਾਤ
ਆਤਿਸ਼ ਗੁਪਤਾ
ਚੰਡੀਗੜ੍ਹ, 27 ਨਵੰਬਰ
ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
ਸ੍ਰੀ ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ‘ਆਪ’ ਸਰਕਾਰ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕੰਮ ਕੀਤੇ ਹਨ। ਇਹ ਕੰਮ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਸਾਰੇ ਵਿਧਾਇਕਾਂ ਦੇ ਸਹਿਯੋਗ ਨਾਲ ਹੀ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਵਿਧਾਇਕ ਆਪਣੇ ਹਲਕੇ ਦੇ ਲੋਕਾਂ ਵਿੱਚ ਵੱਧ ਤੋਂ ਵੱਧ ਵਿਚਰ ਕੇ ਲੋਕ ਹਿੱਤ ਵਿੱਚ ਕੰਮ ਕਰਨ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ। ਸ੍ਰੀ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕ ਆਪਣੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਨਾਲ ਤੇ ਹੋਰਨਾਂ ਮੰਤਰੀਆਂ ਨਾਲ ਵੀ ਸੰਪਰਕ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ।