For the best experience, open
https://m.punjabitribuneonline.com
on your mobile browser.
Advertisement

ਭਗਵੰਤ ਮਾਨ ਨੇ ਗੁਆਂਢੀ ਸੂਬਿਆਂ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ: ਜਾਖੜ

07:40 AM Dec 12, 2023 IST
ਭਗਵੰਤ ਮਾਨ ਨੇ ਗੁਆਂਢੀ ਸੂਬਿਆਂ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ  ਜਾਖੜ
ਪਿੰਡ ਬਹਿਲੋਲਪੁਰ ਵਿੱਚ ਕੇਂਦਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਦਸੰਬਰ
ਭਾਰਤੀ ਜਨਤਾ ਪਾਰਟੀ ਨੇ ਮਿਸ਼ਨ-2024 ਤਹਿਤ ਸ਼ਹਿਰਾਂ ਦੇ ਨਾਲ-ਨਾਲ ਹੁਣ ਪੇਂਡੂ ਖੇਤਰ ਵਿੱਚ ਵੀ ਲੋਕਾਂ ਨਾਲ ਜੁੜਨਾ ਅਤੇ ਲੋਕਾਂ ਨੂੰ ਆਪਣੀ ਪਾਰਟੀ ਨਾਲ ਜੋੜਨਾ ਸ਼ੁਰੂ ਕਰ ਦਿੱਤਾ ਹੈ। ‘ਵਿਕਸਤ ਭਾਰਤ ਸੰਕਲਪ ਯਾਤਰਾ’ ਦਾ ਸਵਾਗਤ ਕਰਨ ਲਈ ਪਿੰਡ ਬਹਿਲੋਲਪੁਰ ਵਿੱਚ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਿਰਫ਼ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਆਏ ਦਿਨ ਸਰਕਾਰ ਕਰਜ਼ਾ ਚੁੱਕ ਕੇ ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਫਜ਼ੂਲ ਇਸ਼ਤਿਹਾਰਬਾਜ਼ੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿਕਾਸ ਨੂੰ ਭੁਲਾ ਕੇ ਸਰਕਾਰੀ ਖ਼ਜ਼ਾਨੇ ਦਾ ਮੂੰਹ ਗੁਆਂਢੀ ਸੂਬਿਆਂ ਵੱਲ ਖੋਲ੍ਹਿਆ ਜਾਣਾ ਬਿਲਕੁਲ ਗਲਤ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਾ ਕੀਤੇ ਜਾਣ ਬਾਰੇ ਪੁੱਛਣ ’ਤੇ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਹਾਲਤ ਇਹ ਹੈ ਕਿ ਜਿਸ ਕੰਮ ਲਈ ਕੇਂਦਰ ਤੋਂ ਪੈਸਾ ਲੈਂਦੀ ਹੈ, ਉਸ ’ਤੇ ਖ਼ਰਚ ਕਰਨ ਦੀ ਥਾਂ ਮਨਮਰਜ਼ੀ ਨਾਲ ਪੈਸੇ ਖਰਚੇ ਜਾਂਦੇ ਹਨ ਅਤੇ ਗਰਾਂਟ ਵਰਤੋਂ ਸਰਟੀਫਿਕੇਟ ਵੀ ਨਹੀਂ ਦਿੱਤਾ ਜਾਂਦਾ। ਇਸ ਤਰ੍ਹਾਂ ਸੂਬਾ ਸਰਕਾਰ ਵਿੱਤੀ ਅਨੁਸ਼ਾਸਨ ਨਹੀਂ ਨਿਭਾਅ ਰਹੀ, ਜਿਸ ਕਾਰਨ ਪਿਛਲੇ ਦਿਨੀਂ ਪੰਜਾਬ ਵੱਲੋਂ ਕਰਜ਼ੇ ਦੇ ਰੂਪ ਵਿੱਚ ਮੰਗੀ ਗਈ 1837 ਕਰੋੜ ਦੀ ਰਕਮ ਦੇਣ ਤੋਂ ਇਨਕਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ।
‘ਪੰਜਾਬ ਸਰਕਾਰ ਆਪ ਕੇ ਦੁਆਰ’ ਯੋਜਨਾ ’ਤੇ ਵਿਅੰਗ ਕਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੱਗਦਾ ਹੈ ਕਿ ਹੁਣ ਮਾਨ ਸਰਕਾਰ ਘਰ-ਘਰ ਸ਼ਰਾਬ ਪਹੁੰਚਾਉਣ ਦਾ ਕੰਮ ਕਰੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਗਲੀ-ਗਲੀ ਵਿੱਚ ਠੇਕੇ ਖੁੱਲ੍ਹਵਾ ਦਿੱਤੇ ਗਏ ਸਨ ਅਤੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਜੇਲ੍ਹ ਜਾਣਾ ਪਿਆ ਸੀ। ਇੰਜ ਜਾਪਦਾ ਹੈ ਸ਼ਾਇਦ ਹੁਣ ਇਹ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

joginder kumar

View all posts

Advertisement