ਕੇਂਦਰ ਦੀ ਵਿਚੋਲਗੀ ਲਈ ਅਸਤੀਫ਼ਾ ਦੇਣ ਭਗਵੰਤ ਮਾਨ: ਬਾਜਵਾ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 23 ਫਰਵਰੀ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਚੱਲ ਰਹੇ ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦੀ ਮਦਦ ਕਰਨ ਦੀ ਬਜਾਇ ਕੇਂਦਰ ਸਰਕਾਰ ਦੀ ਵਿਚੋਲਗੀ ਕਰ ਰਹੀ ਹੈ ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਦੀ ਰਾਹ ’ਤੇ ਤੁਰੇ ਕਿਸਾਨਾਂ ਉੱਪਰ ਹਰਿਆਣਾ ਸਰਕਾਰ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਉਹ ਬੀਤੀ ਦੇਰ ਸ਼ਾਮ ਪਿੰਡ ਕਾਂਗੜ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਕਾਂਗਰਸੀ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਬਾਜਵਾ ਨੇ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਹਰਿਆਣਾ ਪੁਲੀਸ ਪੰਜਾਬ ਦੀ ਹੱਦ ‘ਚ ਦਾਖਲ ਹੋ ਕੇ ਸੰਘਰਸ਼ੀ ਕਿਸਾਨਾਂ ਉੱਪਰ ਅਥਰੂ ਗੈਸ ਦੇ ਗੋਲੇ ਸੁੱਟਣ ਦੇ ਨਾਲ-ਨਾਲ ਉਨ੍ਹਾਂ ਨੂੰ ਗੋਲੀਆਂ ਨਾਲ ਵਿੰਨ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਕਤ ਘਟਨਾ ਲਈ ਹਰਿਆਣਾ ਦੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਦੀ ਬਜਾਇ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਨੇ ਕਿਹਾ ਕਿ ਸ. ਕਾਂਗੜ ਇਕ ਨਿਧੜਕ ਤੇ ਜੁਝਾਰੂ ਆਗੂ ਹਨ। ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੇ ਕੁਝ ਸਮਾਂ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਦੀ ਗਲਤੀ ਕਰਨ ‘ਤੇ ਇਕੱਤਰ ਕਾਂਗਰਸੀ ਵਰਕਰਾਂ ਤੋਂ ਮੁਆਫੀ ਮੰਗਦਿਆਂ ਸੀਨੀਅਰ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਐਮ.ਪੀ. ਗੁਰਜੀਤ ਸਿੰਘ ਔਜਲਾ, ਜੀਤਮਹਿੰਦਰ ਸਿੰਘ ਸਿੱਧੂ, ਅਜੀਤਇੰਦਰ ਸਿੰਘ ਮੋਫ਼ਰ, ਰਾਜਨ ਗਰਗ, ਕੁਸ਼ਲਦੀਪ ਢਿੱਲੋਂ ਤੇ ਜੈਸੀ ਹਾਜ਼ਰ ਸਨ।