ਭਗਵੰਤ ਮਾਨ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
ਹਰਜੀਤ ਸਿੰਘ
ਜ਼ੀਰਕਪੁਰ, 6 ਜਨਵਰੀ
ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਵੇਲੇ ਅਚਾਨਕ ਛੱਤਬੀੜ ਚਿੜੀਆਘਰ ਵਿੱਚ ਨਿੱਜੀ ਫੇਰੀ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਨੇ ਛੱਤਬੀੜ ਚਿੜੀਆਘਰ ਦੇ ਅਧਿਕਾਰੀਆਂ ਤੋਂ ਜੰਗਲੀ ਜਾਨਵਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਹ ਦੌਰਾ ਯੋਜਨਾਬੱਧ ਨਹੀਂ ਸੀ ਅਤੇ ਐਸਏਐਸ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਬਾਰੇ ਕੋਈ ਅਗਾਊਂ ਜਾਣਕਾਰੀ ਨਹੀਂ ਸੀ।
ਹਾਲਾਂਕਿ ਮੁੱਖ ਮੰਤਰੀ ਦੀ ਨਿੱਜੀ ਫੇਰੀ ਦੌਰਾਨ ਮੀਡੀਆ ਨੂੰ ਵੀ ਦੂਰ ਹੀ ਰੱਖਿਆ ਗਿਆ ਅਤੇ ਕਿਸੇ ਵੀ ਅਧਿਕਾਰੀ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ। ਛੱਤਬੀੜ ਚਿੜੀਆਘਰ ਦੀ ਇਸ ਅਚਾਨਕ ਫੇਰੀ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ।
ਇਹ ਪਤਾ ਲੱਗਿਆ ਹੈ ਕਿ ਅਗਾਊਂ ਜਾਣਕਾਰੀ ਨਾ ਹੋਣ ਕਾਰਨ ਐੱਸਏਐੱਸ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੌਕੇ ’ਤੇ ਦੌਰੇ ਬਾਰੇ ਤਿਆਰੀਆਂ ਕਰਨੀਆਂ ਪਈਆਂ। ਜ਼ਿਕਰਯੋਗ ਹੈ ਕਿ ਛੱਤਬੀੜ ਚਿੜੀਆਘਰ ਵਿੱਚ 100 ਤੋਂ ਵੱਧ ਕਿਸਮਾਂ ਦੇ ਜੰਗਲੀ ਜਾਨਵਰ ਅਤੇ ਪੰਛੀ ਹਨ।
ਮੁੱਖ ਮੰਤਰੀ ਦੇ ਚਿੜੀਆਘਰ ਦੇ ਦੌਰੇ ਨੇ ਚਿੜੀਆਘਰ ਦੇ ਜਾਨਵਰਾਂ ਅਤੇ ਇਨ੍ਹਾਂ ਦੇ ਨਿਵਾਸ ਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਮਹੱਤਤਾ ਵੱਲ ਵੀ ਧਿਆਨ ਦਿਵਾਇਆ। ਇਸ ਫੇਰੀ ਉਪਰੰਤ ਸ਼ਾਮ ਨੂੰ ਮੁੱਖ ਮੰਤਰੀ ਕਾਫਲੇ ਸਮੇਤ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋ ਗਏ।
ਇਸ ਮੌਕੇ ਐਸਐਸਪੀ ਦੀਪਕ ਪਾਰਿਖ, ਡੀਸੀ ਆਸ਼ਿਕਾ ਜੈਨ, ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨੀਰਜ ਗੁਪਤਾ, ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਡੀਐਸਪੀ ਸਬ ਡਿਵੀਜ਼ਨ ਜਸਪਿੰਦਰ ਸਿੰਘ ਗਿੱਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।