ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਦਾ ਮੁਹਾਲੀ ਵਿੱਚ ਨਿੱਘਾ ਸਵਾਗਤ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਮੁਹਾਲੀ ਵਿੱਚ ਦੇਸ਼ ਦੇ ਰਾਸ਼ਟਰਪਤੀਦਰੋਪਦੀ ਮੁਰਮੂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਦੋ ਰੋਜ਼ਾ ਪੰਜਾਬ ਦੇ ਦੌਰੇ ’ਤੇ ਹਨ। ਇਸ ਸਬੰਧੀ ਅੱਜ ਦੇਰ ਸ਼ਾਮ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਸੈਕਟਰ-81 ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਗੁਰੂਆਂ ਦੇ ਆਸ਼ੀਰਵਾਦ ਅਤੇ ਪ੍ਰੇਰਨਾ ਨਾਲ ਪੰਜਾਬ ਦੀ ਧਰਤੀ ਨੇ ਸ਼ਹੀਦਾਂ ਅਤੇ ਕ੍ਰਾਂਤੀਕਾਰੀਆਂ ਨੂੰ ਜਨਮ ਦਿੱਤਾ ਹੈ। ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹੱਤਵਪੂਰਨ ਅਧਿਆਇ ਪੰਜਾਬ ਦੀ ਧਰਤੀ ’ਤੇ ਲਿਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੇਵਾ ਅਤੇ ਸਮਰਪਣ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਕਾਇਮ ਕੀਤੀਆਂ ਹਨ। ਦੁਨੀਆ ਭਰ ਦੇ ਗੁਰਦੁਆਰਿਆਂ ਦਾ ਲੰਗਰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਲੋਕਾਂ ਲਈ ਖੁੱਲ੍ਹਾ ਹੈ। ਦੁਨੀਆ ਭਰ ਦੇ ਲੋਕਾਂ ਨੇ ਲੰਗਰ ਸੇਵਾ ਦੀ ਕਲਾ ਪੰਜਾਬ ਦੇ ਲੋਕਾਂ ਤੋਂ ਸਿੱਖੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਫੌਜਾਂ ਵਿੱਚ ਪੰਜਾਬ ਦੇ ਬਹਾਦਰ ਸੈਨਿਕਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਪੰਜਾਬ ਦੀ ਧਰਤੀ ਨੇ ਅਸਾਧਾਰਨ ਸ਼ਖ਼ਸੀਅਤਾਂ ਨੂੰ ਜਨਮ ਦਿੱਤਾ ਹੈ, ਜਿਨ੍ਹਾਂ ਨੇ ਸਮਾਜ ਸੁਧਾਰ, ਸਿੱਖਿਆ, ਵਿਗਿਆਨ ਅਤੇ ਤਕਨਾਲੋਜੀ, ਉਦਯੋਗ, ਖੇਡਾਂ, ਰਾਜਨੀਤੀ ਅਤੇ ਸਮਾਜ ਸੇਵਾ ਵਰਗੇ ਕਈ ਖੇਤਰਾਂ ਵਿੱਚ ਦੇਸ਼ ਅਤੇ ਦੁਨੀਆ ਵਿੱਚ ਯੋਗਦਾਨ ਪਾਇਆ ਹੈ। ਪੰਜਾਬ ਨੇ ਭਾਰਤੀ ਖੇਤੀਬਾੜੀ ਦੇ ਵਿਕਾਸ ਵਿੱਚ ਵੀ ਮੋਹਰੀ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ 1960 ਦੇ ਦਹਾਕੇ ਤੋਂ ਜਦੋਂ ਦੇਸ਼ ਵਿੱਚ ਅਨਾਜ ਦੀ ਘਾਟ ਸੀ, ਪੰਜਾਬ ਦੇ ਪ੍ਰਗਤੀਸ਼ੀਲ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਹਰੀ ਕ੍ਰਾਂਤੀ ਨੂੰ ਸਫਲ ਬਣਾਇਆ ਅਤੇ ਦੇਸ਼ ਨੂੰ ਭੋਜਨ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਕਿਸਾਨ ਅਤੇ ਖੇਤੀਬਾੜੀ ਵਿਗਿਆਨੀ ਇੱਕ ਵਾਰ ਫਿਰ ਵਾਤਾਵਰਨ ਅਨੁਕੂਲ ਖੇਤੀ ਅਪਣਾਉਂਦੇ ਹੋਏ ਖੇਤੀਬਾੜੀ ਦੇ ਖੇਤਰ ਵਿੱਚ ਪੂਰੇ ਦੇਸ਼ ਨੂੰ ਅਗਵਾਈ ਪ੍ਰਦਾਨ ਕਰਨਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਅੱਜ ਸੁਨਹਿਰੀ ਦਿਨ ਹੈ ਅਤੇ ਹਰ ਪੰਜਾਬੀ ਬੇਹੱਦ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ’ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।