ਭਗਵੰਤ ਮਾਨ ਨੇ ਸੰਜੇ ਸਿੰਘ ਦਾ ਘਰ ਪਹੁੰਚਣ ’ਤੇ ਕੀਤਾ ਸਵਾਗਤ
ਆਤਿਸ਼ ਗੁਪਤਾ
ਚੰਡੀਗੜ੍ਹ, 9 ਅਪਰੈਲ
ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਸਬੰਧੀ ਅੱਜ ਪੰਜਾਬ ਦੌਰੇ ’ਤੇ ਆਏ। ਇਸ ਦੌਰਾਨ ਸੰਜੇ ਸਿੰਘ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਿਖੇ ਪਹੁੰਚੇ। ਸ੍ਰੀ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਜੇ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਸੰਸਦ ਮੈਂਬਰ ਅਤੇ ਉਨ੍ਹਾਂ ਦੀ ਪਤਨੀ ਨੇ ਮੁੱਖ ਮੰਤਰੀ ਦੀ ਧੀ ਨੂੰ ਆਸ਼ੀਰਵਾਦ ਦਿੱਤਾ। ਉਪਰੰਤ ਸੰਜੇ ਸਿੰਘ ਵੱਲੋਂ ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਅਤੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਗਈ।
ਗੌਰਤਲਬ ਹੈ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਜੇ ਸਿੰਘ, ਸੰਦੀਪ ਪਾਠਕ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਆ ਗਈ ਹੈ। ‘ਆਪ’ ਦੇ ਕੌਮੀ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਲਈ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।
ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਸੰਜੇ ਸਿੰਘ ਤੇ ਭਗਵੰਤ ਮਾਨ
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 10 ਅਪਰੈਲ ਨੂੰ ਪਾਰਟੀ ਦੇ ਆਗੂ ਤੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਸਥਿਤ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਆਗੂਆਂ ਵੱਲੋਂ ਤਿਹਾੜ ਜੇਲ੍ਹ ਵਿੱਚ ਬਾਅਦ ਦੁਪਹਿਰ 1 ਵਜੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਦੋਹਾਂ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਲਈ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।