ਜੇਲ੍ਹ ’ਚੋਂ ਰਿਹਾਅ ਹੋਏ ਭਾਈ ਗੁਰਮੀਤ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਪੱਤਰ ਪ੍ਰੇਰਕ
ਪਟਿਆਲਾ 3 ਜੂਨ
ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀਆਂ ਹੋ ਰਹੀਆਂ ਪੱਕੀਆਂ ਜ਼ਮਾਨਤਾਂ ਦੇ ਸਿਲਸਿਲੇ ਤਹਿਤ ਬੁੜੈਲ ਜੇਲ੍ਹ ‘ਚ ਨਜ਼ਰਬੰਦ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਪੱਕੀ ਰਿਹਾਈ ਮਿਲਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਭਾਈ ਗੁਰਮੀਤ ਸਿੰਘ ਦੇ ਗ੍ਰਹਿ ਵਿੱਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਪੱਕੀ ਰਿਹਾਈ ਮਿਲਣ ‘ਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ ਅਤੇ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ। ਜ਼ਿਕਰਯੋਗ ਹੈ ਕਿ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲਦੀ ਆ ਰਹੀ ਪੈਰੋਲ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 27 ਸਾਲਾਂ ਬਾਅਦ ਪੱਕੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।