ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕਿਸੇ ਵੀ ਧਿਰ ਦੀ ਹਮਾਇਤ ਨਾ ਕਰਨ ਦਾ ਐਲਾਨ
ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਰਾਜਨੀਤਕ ਪਾਰਟੀ ਅਤੇ ਧਿਰ ਦੀ ਹਮਾਇਤ ਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਇਹ ਫ਼ੈਸਲਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਤੋਂ ਬਾਅਦ ਲਿਆ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸੇ ਵੀ ਪਾਰਟੀ ਦੇ ਪੱਖ ਅੰਦਰ ਨਹੀਂ ਭੁਗਤਦੀ ਸਗੋਂ ਸਾਰੇ ਆਗੂਆਂ ਉੱਪਰ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਉਮੀਦਵਾਰ ਦੀ ਹਮਾਇਤ ਨਾ ਕਰਨ। ਉਨ੍ਹਾਂ ਸਾਰੇ ਆਗੂਆਂ ਤੇ ਸਰਗਰਮ ਮੈਂਬਰਾਂ ਨੂੰ ਚੋਣਾਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਥੇਬੰਦੀ ਦਾ ਕੋਈ ਆਗੂ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਮੂਨਕ ਪ੍ਰਧਾਨ ਸੁਖਦੇਵ ਸਿੰਘ ਕੜੈਲ, ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਪੂਰ ਸਿੰਘ, ਲਹਿਰਾ ਬਲਾਕ ਦੇ ਪ੍ਰਧਾਨ ਦੇ ਬਹਾਦਰ ਸਿੰਘ ਭੁਟਾਲ ਖੁਰਦ ਭਵਾਨੀਗੜ੍ਹ ਤੋਂ ਮਨਜੀਤ ਸਿੰਘ ਘਰਾਚੋਂ ਸਾਰੇ ਬਲਾਕ ਆਗੂ ਸਮੇਤ ਹੋਰ ਹਾਜ਼ਰ ਸਨ।