ਜਲ ਸਪਲਾਈ ਕਾਮਿਆਂ ਵੱਲੋਂ ਭਾਰਤ ਬੰਦ ਦੀ ਹਮਾਇਤ
ਪੱਤਰ ਪ੍ਰੇਰਕ
ਸ਼ਾਹਕੋਟ, 11 ਫਰਵਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ 16 ਫਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ। ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਨੂੰ ਸਰਕਾਰ ਲਗਾਤਾਰ ਦਰਕਿਨਾਰ ਕਰਦੀ ਆ ਰਹੀ ਹੈ। ਕੇਂਦਰ ਦੀ ਭਾਜਪਾ ਤੇ ਸੂਬੇ ਦੀ ‘ਆਪ’ ਸਰਕਾਰ ਵੀ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦਾ ਭੋਗ ਪਾਈ ਜਾ ਰਹੀ ਹੈ। ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਉਨ੍ਹਾਂ ਦੀ ਯੂਨੀਅਨ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦਾ ਪੂਰਨ ਸਮਰਥਨ ਕਰਦਿਆਂ ਉਸ ਵਿਚ ਭਾਗ ਲੈਣ ਦਾ ਫੈਸਲਾ ਕੀਤਾ ਹੈ। ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਮਜ਼ਦੂਰ, ਕਿਸਾਨ ਅਤੇ ਮੁਲਾਜ਼ਮ ਸੰਯੁਕਤ ਰੂਪ ਵਿਚ ਭਾਂਜ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਵੱਲੋਂ 18 ਫਰਵਰੀ ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਉਹ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।