ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਰਘਬੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੱਕ ਮੰਗਦੇ ਕਿਸਾਨਾਂ ਉੱਤੇ ਬੇਰਹਿਮੀ ਨਾਲ ਅੱਥਰੂ ਗੈਸ ਅਤੇ ਗੋਲੀਆਂ ਨਾਲ ਚਲਾਈਆਂ ਗਈਆਂ, ਜਿਸ ਵਿੱਚ ਇਕ ਕਿਸਾਨ ਸ਼ਹੀਦ ਹੋ ਗਿਆ ਅਤੇ ਸੈਂਕੜੇ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਸਾਨੀ ਮੰਗਾਂ ਉਤੇ ਵਿਸ਼ਾਲ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਭਾਜਪਾ ਦੇ ਆਗੂਆਂ ਦਾ ਪਿੰਡਾਂ ਵਿੱਚ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਕਰਮ ਸਿੰਘ ਬਲਿਆਲ, ਬੁੱਧ ਸਿੰਘ, ਮਹਿੰਦਰ ਸਿੰਘ ਮਾਝੀ, ਮਾਲਵਿੰਦਰ ਸਿੰਘ, ਦਰਬਾਰਾ ਸਿੰਘ ਨਾਗਰਾ, ਜਸਪਾਲ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਸੁਖਦੇਵ ਸਿੰਘ ਘਰਾਚੋਂ, ਬਹਾਦਰ ਸਿੰਘ ਘਰਾਚੋਂ ਤੇ ਚਮਕੌਰ ਸਿੰਘ ਭੱਟੀਵਾਲ ਹਾਜ਼ਰ ਸਨ।