ਭਵਾਨੀਗੜ੍ਹ: ਮੀਤ ਹੇਅਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਪਾਣੀ ਦੀ ਸਿੰਜਾਈ ਲਈ ਵਰਤੋਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਅਗਸਤ
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚਹਿਲਾਂ ਪੱਤੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਹੋਏ ਪਾਣੀ ਨਾਲ ਖੇਤਾਂ ਦੀ ਸਿੰਜਾਈ ਲਈ ਵਰਤੋਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਮੰਤਰੀ ਨੇ ਦੱਸਿਆ ਕਿ ਤਕਰੀਬਨ 1 ਕਰੋੜ 54 ਲੱਖ ਰੁਪਏ ਨਾਲ ਨੇਪਰੇ ਚਾੜ੍ਹਿਆ ਆਪਣੀ ਕਿਸਮ ਦਾ ਵਿਭਾਗ ਦਾ ਇਹ 58ਵਾਂ ਪ੍ਰਾਜੈਕਟ ਹੈ ਅਤੇ ਇਸ ਨੂੰ ਪੂਰਾ ਕਰਵਾਉਣ ਲਈ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਿਨ ਰਾਤ ਇੱਕ ਕੀਤਾ। ਇਸ ਦੇ ਸ਼ੁਰੂ ਹੋਣ ਨਾਲ 1,000 ਏਕੜ ਰਕਬੇ ਉੱਪਰ ਖੇਤੀਬਾੜੀ ਲਈ ਸੀਵਰੇਜ ਦੇ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾ ਸਕੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਗਿਰਾਵਟ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਬਦਲਵੇਂ ਸਿੰਜਾਈ ਸਰੋਤਾਂ ਨੂੰ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪ੍ਰਾਜੈਕਟ ਦਾ ਨੀਂਹ ਪੱਥਰ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ 15 ਅਪਰੈਲ 2023 ਨੂੰ ਰੱਖਿਆ ਗਿਆ ਸੀ, ਜਿਸ ਨੂੰ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰਕੇ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਮੁੱਖ ਭੂਮੀ ਪਾਲ ਪੰਜਾਬ ਮਹਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਇਹ ਪ੍ਰਾਜੈਕਟ 6 ਕਿਲੋਮੀਟਰ ਤੋਂ ਵੱਧ ਲੰਬੀ ਪਾਈਪਲਾਈਨ ਵਿਛਾ ਕੇ ਮੁਕੰਮਲ ਕੀਤਾ ਗਿਆ ਹੈ, ਜਿਸ ਨਾਲ 45 ਕਿਸਾਨ ਪਰਿਵਾਰਾਂ ਦੇ 330 ਹੈਕਟੇਅਰ ਰਕਬੇ ਨੂੰ ਲਾਭ ਪਹੁੰਚੇਗਾ। ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫ਼ੋਂ ਆਪ ਆਗੂ ਮਨਦੀਪ ਸਿੰਘ ਲੱਖੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਐੱਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ, ਪ੍ਰਗਟ ਸਿੰਘ ਢਿੱਲੋਂ,ਭੀਮ ਸਿੰਘ ਗਾੜੀਆ, ਅਵਤਾਰ ਸਿੰਘ ਤਾਰੀ ਤੇ ਗੁਰਤੇਜ ਸਿੰਘ ਹਾਜ਼ਰ ਸਨ।