ਭੋਆ ਨੂੰ ਮਿਲਿਆ ਮਲਟੀਪਰਪਜ਼ ਸਪੋਰਟਸ ਸਟੇਡੀਅਮ
ਐੱਨਪੀ ਧਵਨ
ਪਠਾਨਕੋਟ, 25 ਸਤੰਬਰ
ਵਿਧਾਨ ਸਭਾ ਹਲਕਾ ਭੋਆ ਨੂੰ ਮਲਟੀਪਰਪਜ ਸਪੋਰਟਸ ਸਟੇਡੀਅਮ ਮਿਲ ਜਾਣ ਨਾਲ ਨੌਜਵਾਨ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨੌਜਵਾਨਾਂ ਨੇ ਇਸ ਸਟੇਡੀਅਮ ਨੂੰ ਪੰਜਾਬ ਸਰਕਾਰ ਕੋਲੋਂ ਮਨਜ਼ੂਰ ਕਰਵਾਉਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪੰਜਾਬ ਵੱਲੋਂ ਕੀਤੇ ਗਏ ਉਪਰਾਲਿਆਂ ਬਦਲੇ ਉਨ੍ਹਾਂ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੀ ਅੱਜ ਸਿਹੋੜਾ ਵਿਖੇ ਪੁੱਜੇ ਅਤੇ ਉਨ੍ਹਾਂ ਸਟੇਡੀਅਮ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਪਿੰਡ ਸਿਹੋੜਾ ਦੇ ਨੌਜਵਾਨਾਂ ਅਤੇ ਪਿੰਡ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਹਲਕਾ ਭੋਆ ਨੂੰ ਖੇਡ ਸਟੇਡੀਅਮ ਮਿਲ ਗਿਆ ਹੈ। ਇਸ ਨਾਲ ਹਲਕੇ ਦੇ ਨੌਜਵਾਨਾਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਿਹੋੜਾ ਪਿੰਡ ਵਿੱਚ ਪੰਚਾਇਤੀ ਸਥਾਨ ਦੀ ਚੋਣ ਕੀਤੀ ਗਈ ਹੈ, ਜਿੱਥੇ ਸਟੇਡੀਅਮ ਬਣਾਇਆ ਜਾਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਸਥਾਨ ਤੇ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਸੁਰਿੰਦਰ ਸ਼ਾਹ, ਯੂਥ ਉਪ-ਪ੍ਰਧਾਨ ਰਿੰਕਾ ਸੈਣੀ, ਮੈਂਬਰ ਪੰਚਾਇਤ ਰਣਜੀਤ ਸਿੰਘ ਪੱਪੀ, ਰਾਜਿੰਦਰ ਭਿੱਲਾ, ਰਾਜ ਕੁਮਾਰ, ਸੁਰਜੀਤ ਕੁਮਾਰ ਨੇ ਕਿਹਾ ਕਿ ਇਸ ਸਟੇਡੀਅਮ ਦਾ ਫਾਇਦਾ ਕਰੀਬ 30 ਤੋਂ 40 ਪਿੰਡਾਂ ਦੇ ਨੌਜਵਾਨਾਂ ਨੂੰ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਸਿੰਘ ਤਲਵੰਡੀ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦਿਲਬਾਗ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।