ਵੋਟ ਦੀ ਅਹਿਮੀਅਤ ਦਾ ਸੁਨੇਹਾ ਦੇਣ ਲਈ ਸਾਈਕਲ ਰੈਲੀਆਂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਪਰੈਲ
ਜ਼ਿਲ੍ਹਾ ਸੰਗਰੂਰ ਵਿੱਚ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਇਨ੍ਹੀਂ ਦਿਨੀਂ ਸਵੀਪ ਗਤੀਵਿਧੀਆਂ ਚੱਲ ਰਹੀਆਂ ਹਨ। ਅੱਜ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਵਿਨੀਤ ਕੁਮਾਰ ਦੀ ਮੌਜੂਦਗੀ ਵਿੱਚ ਸੰਗਰੂਰ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਡੀਸੀ ਕੰਪਲੈਕਸ ਤੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਤੇ ਆਮ ਲੋਕ ਸ਼ਾਮਲ ਹੋਏ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਲੰਘਦੀ ਹੋਈ ਵਾਰ ਹੀਰੋਜ਼ ਸਟੇਡੀਅਮ ਵਿੱਚ ਜਾ ਕੇ ਸਮਾਪਤ ਹੋਈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਈਕਲ ਰੈਲੀ ਵੀ ਇਸ ਟੀਚੇ ਦੀ ਪ੍ਰਾਪਤੀ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸਵੀਪ ਟੀਮਾਂ ਜਾਗਰੂਕਤਾ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਸਾਈਕਲ ਰੈਲੀ ਵਿੱਚ ਸ਼ਾਮਲ ਹੋਏ ਵਾਲੰਟੀਅਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਅਜਿਹੇ ਵੋਟਰ ਪੱਖੀ ਉਦਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀ 1 ਜੂਨ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹਾ ਸੰਗਰੂਰ ਦੇ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰ ਸਕਣ।
ਲਹਿਰਾਗਾਗਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਸਵੀਪ ਨੋਡਲ ਅਫਸਰ ਅਰੁਣ ਗਰਗ ਨੇ ਹਲਕੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਰ ਜਾਗਰੂਕਤਾ ਵਧਾਉਣ ਤਹਿਤ ਸਾਈਕਲ ਰੈਲੀ ਕੱਢੀ ਗਈ। ਜੀਟੀਬੀ ਕਾਲਜ ਆਫ ਐਜੂਕੇਸ਼ਨ ਅਤੇ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖ਼ੁਰਦ ਲਹਿਰਾ ਗਾਗਾ ਵਿੱਚ ਪ੍ਰਿੰਸੀਪਲ ਡਾ. ਸੀਮਾ ਗਰਗ ਅਤੇ ਪ੍ਰਿੰਸੀਪਲ
ਰੀਤੂ ਗੋਇਲ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਆਉਣ ਵਾਲੇ ਚੋਣ ਉਤਸਵ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਹਰਦੀਪ ਸਿੰਘ, ਪ੍ਰੋ. ਜਗਸੀਰ ਸਿੰਘ ਅਤੇ ਮਾਸਟਰ ਰਾਕੇਸ਼ ਸ਼ਾਮਲ ਹੋਏ।
ਨੋਡਲ ਅਫਸਰ ਅਰੁਣ ਗਰਗ ਅਤੇ ਮਾਸਟਰ ਰਾਕੇਸ਼ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਚੋਣ ਭਾਗੀਦਾਰੀ ਦੀ ਮਹੱਤਤਾ ਨੂੰ ਰੇਖਾਂਕਿਤ ਕਰਨਾ ਅਤੇ ਭਾਈਚਾਰੇ ਦੇ ਹਰੇਕ ਵਰਗ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ। ਕਾਲਜ ਦੇ ਚੇਅਰਮੈਨ ਰਾਜੇਸ਼ ਭੋਲਾ ਤੇ ਕਾਲਜ ਦੇ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਸਮਾਜ ਦੇ ਹਰੇਕ ਵਰਗ ਨੂੰ ਲਾਮਬੰਦ ਕਰਕੇ ਅਤੇ ਨਾਗਰਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਹੋਏ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ।