ਭਾਜਪਾ ਯੁਵਾ ਮੋਰਚਾ ਵੱਲੋਂ ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਕਤੂਬਰ
ਭਾਜਪਾ ਯੁਵਾ ਮੋਰਚਾ ਪੰਜਾਬ ਵੱਲੋਂ ਅੱਜ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।
ਮੋਰਚਾ ਦੇ ਸੀਨੀਅਰ ਆਗੂ ਮਰਿਘਬੀਰ ਸਿੰਘ ਮਿੱਠੂ ਚੱਢਾ ਦੀ ਅਗਵਾਈ ਵਿੱਚ ਪੀਏਯੂ ਤੋਂ ਸ਼ੁਰੂ ਹੋਈ ਸਾਈਕਲ ਰੈਲੀ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਦੇ ਵਾਅਦੇ ਨਾਲ ਸੂਬਾ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪਿਛਲੇ ਕਰੀਬ ਢਾਈ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਮਾਵਾਂ ਦੀਆਂ ਅੱਖਾਂ ਵਿੱਚੋਂ ਅੱਥਰੂ ਨਿਕਲਣੇ ਅਜੇ ਤੱਕ ਬੰਦ ਨਹੀਂ ਹੋਏ ਜਿਨ੍ਹਾਂ ਦੇ ਜਵਾਨ ਪੁੱਤਰ ਨਸ਼ਿਆਂ ਦੀ ਭੇਟ ਚੜ੍ਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਦੇਸ਼ ਦੇ ਭਵਿੱਖ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਪਰ ਅੱਜ ਸੂਬੇ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਨੌਜਵਾਨ ਬਾਕੀ ਕੁਰੀਤੀਆਂ ਦੇ ਨਾਲ ਨਾਲ ਨਸ਼ਿਆਂ ਦੀ ਦਲ-ਦਲ ਵਿਚ ਧੱਸ ਚੁੱਕਾ ਹੈ। ਯੂਥ ਆਗੂ ਚੱਢਾ ਨੇ ਨੌਜਵਾਨ ਵਰਗ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਪਾਏ ਪੂਰਨਿਆਂ ਤੇ ਚੱਲਣ ਅਤੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਅੱਗੇ ਹੋਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੇਸ਼ ਅਤੇ ਸੂਬੇ ਦੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਲਈ ਨੌਜਵਾਨਾਂ ਦੇ ਭਵਿੱਖ ਲਈ ਸੋਚਣ ਤਾਂ ਜੋ ਨਸ਼ਿਆਂ ਨਾਲ ਮਰ ਰਹੇ ਨੌਜਵਾਨਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪੰਕਜ ਕਪੂਰ, ਗੁਰਪ੍ਰੀਤ ਸਿੰਘ ਢੋਲੇਵਾਲ, ਰਜਿੰਦਰ ਸਿੰਘ ਬੀਰਾ, ਹਰਸ਼ ਕਪੂਰ, ਹੀਰਾ ਗਿੱਲ, ਕਰਨ ਸੁਨੇਤ, ਅਨਮੋਲ ਢੀਗਰਾ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਰਣਵਿਜੇ ਸਿੰਘ, ਤੇਜਵੀਰ ਧਾਲੀਵਾਲ ਅਤੇ ਗੁਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।