ਬਿਹਾਰ: ਨਿਤੀਸ਼ ਵੱਲੋਂ ਐੱਨਡੀਏ ਦੇ ਆਗੂਆਂ ਨਾਲ ਮੀਟਿੰਗ
ਪਟਨਾ, 28 ਅਕਤੂਬਰ
ਬਿਹਾਰ ਦੇ ਸਭ ਤੋਂ ਲੰਬਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਨਿਤੀਸ਼ ਕੁਮਾਰ ਨੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਦੇ ਸਹਿਯੋਗੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਰਿਹਾਇਸ਼ ਵਿਖੇ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਇਹ ਮੀਟਿੰਗ ਲਗਾਤਾਰ ਪੰਜਵੀਂ ਵਾਰ ਮੁੱਖ ਮੰਤਰੀ ਦਫ਼ਤਰ ਪੁੱਜਣ ਦੇ ਮਕਸਦ ਨਾਲ ਕੀਤੀ ਗਈ। ਜਨਤਾ ਦਲ (ਯੂ) ਦੇ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਮੀਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ‘‘ਜਨਤਾ ਦਲ (ਯੂਨਾਈਟਿਡ) ਦੇ ਕੌਮੀ ਪ੍ਰਧਾਨ ਤੇ ਮਾਣਯੋਗ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਐੱਨਡੀਏ ਦੀ ਹੋਈ ਸਾਂਝੀ ਮੀਟਿੰਗ ਵਿੱਚ ਬਿਹਾਰ ਵਿਧਾਨ ਸਭਾ ਚੋਣਾਂ 2025 ਦੀਆਂ ਤਿਆਰੀਆਂ ਅਤੇ ਸੂਬੇ ਤੋਂ ਲੈ ਕੇ ਬੂਥ ਪੱਧਰ ਤੱਕ ਬਿਹਤਰ ਤਾਲਮੇਲ ਬਾਰੇ ਚਰਚਾ ਹੋਈ।’’ ਮੀਟਿੰਗ ਤੋਂ ਬਾਅਦ ਝਾਅ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਆਪਣੀਆਂ ਗੱਲਾਂ ਰੱਖੀਆਂ ਅਤੇ ਕਿਹਾ ਕਿ 16-17 ਸਾਲਾਂ ਦੌਰਾਨ ਸਰਕਾਰ ਨੇ ਜੋ ਕੰਮ ਕੀਤੇ ਹਨ ਉਨ੍ਹਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਕਿਹਾ ਕਿ ਐੱਨਡੀਏ ਦੀ ਇਸ ਮੀਟਿੰਗ ਵਿੱਚ ਭਾਈਵਾਲ ਪਾਰਟੀਆਂ ਦੇ ਕਾਰਕੁਨਾਂ ਵਿਚਾਲੇ ਆਪਸੀ ਤਾਲਮੇਲ ਅਤੇ 2025 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਨੇ 2025 ਵਿੱਚ ਐੱਨਡੀਏ ਨੂੰ ਇਕ ਹੋਰ ਜਿੱਤ ਵੱਲ ਲਿਜਾਣ ਦਾ ਸੰਕਲਪ ਲਿਆ ਹੈ।’’ -ਪੀਟੀਆਈ