ਪੁਲੀਸ ਨਾਲ ਖਿੱਚਧੂਹ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਅਦਾਲਤ ’ਚ ਪੇਸ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਚੰਡੀਗੜ੍ਹ ਪੁਲੀਸ ਨਾਲ ਹੱਥੋਪਾਈ ਦੇ ਦੋ ਸਾਲ ਪੁਰਾਣੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰ ਅੱਜ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਚੀਫ ਜੁਡੀਸ਼ਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਿੱਚ ਬਚਾਅ ਪੱਖ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਪੁਲੀਸ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮਜੀਠੀਆ ਤੇ ਹੋਰਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ’ਤੇ ਪਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ 6 ਨਵੰਬਰ 2021 ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ ਸੀ। ਚੰਡੀਗੜ੍ਹ ਪੁਲੀਸ ਨੇ 6 ਨਵੰਬਰ 2021 ਨੂੰ ਉਕਤ ਮਾਮਲੇ ਸਬੰਧੀ ਬਿਕਰਮ ਸਿੰਘ ਮਜੀਠੀਆ ਸਣੇ ਸੈਂਕੜੇ ਅਕਾਲੀ ਆਗੂਆਂ ਵਿਰੁੱਧ ਕੇਸ ਦਰਜ ਕੀਤਾ ਸੀ। ਪੁਲੀਸ ਦਾ ਕਹਿਣਾ ਸੀ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨੀ ਮੰਗਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਸ਼ਹਿਰ ਵਿੱਚ ਧਾਰਾ 144 ਲੱਗੀ ਹੋਣ ਕਰ ਕੇ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਦੀ ਪੁਲੀਸ ਨਾਲ ਹੱਥੋਪਾਈ ਹੋਈ ਸੀ। ਇਸ ਦੌਰਾਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।