ਬਿਲਕੀਸ ਮਾਮਲਾ ਮਨੁੱਖਤਾ ਖ਼ਿਲਾਫ਼ ਅਪਰਾਧ: ਮਹੂਆ
ਨਵੀਂ ਦਿੱਲੀ, 10 ਅਗਸਤ
ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਅੱਜ ਇੱਥੇ ਸੁਪਰੀਮ ਕੋਰਟ ਨੂੰ ਦੱਸਿਆ ਕਿ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ‘ਮਨੁੱਖਤਾ ਖ਼ਿਲਾਫ਼ ਅਪਰਾਧ’ ਸੀ। ਉਨ੍ਹਾਂ ਦੋਸ਼ ਲਾਇਆ ਕਿ ਗੁਜਰਾਤ ਸਰਕਾਰ ਇਸ ਭਿਆਨਕ ਮਾਮਲੇ ਦੇ 11 ਦੋਸ਼ੀਆਂ ਨੂੰ ਮੁਆਫ਼ੀ ਦੇ ਕੇ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਬਿਲਕੀਸ ਬਾਨੋ ਸਮੇਤ ਸੀਪੀਐੱਮ ਨੇਤਾ ਸੁਭਾਸ਼ਿਨੀ ਅਲੀ, ਆਜ਼ਾਦ ਪੱਤਰਕਾਰ ਰੇਵਤੀ ਲਾਲ ਅਤੇ ਲਖਨਊ ਯੂਨੀਵਰਸਿਟੀ ਦੀ ਸਾਬਕਾ ਵਾਈਸ ਚਾਂਸਲਰ ਰੂਪ ਰੇਖਾ ਵਰਮਾ ਅਤੇ ਮਹੂਆ ਮੋਇਤਰਾ ਨੇ ਇਸ ਮੁਆਫ਼ੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਮਹੂਆ ਤਰਫ਼ੋਂ ਅਦਾਲਤ ਵਿੱਚ ਪੇਸ਼ ਹੋਈ ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਜਸਟਿਸ ਬੀਵੀ ਨਾਗਰਤਨ ਅਤੇ ਉੱਜਲ ਭੂਯਾਨ ਦੇ ਬੈਂਚ ਅੱਗੇ ਦੋਸ਼ੀਆਂ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। -ਪੀਟੀਆਈ