ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਮਾਮਲਾ: ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਰਿਵਿਊ ਪਟੀਸ਼ਨ ਦਾਖਲ ਕਰਨ ਦੀ ਸੰਭਾਵਨਾ
ਨਵੀਂ ਦਿੱਲੀ, 13 ਅਪਰੈਲ
Govt likely to file review petition on SC order on setting timeframe for Prez to decide on bills: ਕੇਂਦਰ ਸਰਕਾਰ ਵੱਲੋਂ ਰਾਜ ਵਿਧਾਨ ਸਭਾਵਾਂ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਬਾਰੇ ਰਾਸ਼ਟਰਪਤੀ ਅਤੇ ਰਾਜਪਾਲਾਂ ਲਈ ਸਮਾਂ ਸੀਮਾ ਤੈਅ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਸਮਾਂ-ਸੀਮਾ ਦੀ ਸਮੀਖਿਆ ਦੀ ਮੰਗ ਕਰਨ ਤੋਂ ਇਲਾਵਾ, ਸਰਕਾਰ ਸੁਪਰੀਮ ਕੋਰਟ ਦੇ ਹੁਕਮ ਦੀ ਸਮੀਖਿਆ ਦੀ ਮੰਗ ਵੀ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰਦੀ ਹੈ ਤਾਂ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਆਰ ਮਹਾਦੇਵਨ ਦੇ ਉਸੇ ਬੈਂਚ ਦੇ ਸਾਹਮਣੇ ਰਿਵਿਊ ਪਟੀਸ਼ਨ ਦਾਇਰ ਕਰਨੀ ਪਵੇਗੀ, ਜਿਸ ਨੇ ਫੈਸਲਾ ਸੁਣਾਇਆ ਸੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੇਸ਼ ਦੇ ਰਾਸ਼ਟਰਪਤੀ ਲਈ ਵੀ ਸਮਾਂ ਸੀਮਾ ਨਿਰਧਾਰਤ ਕਰ ਦਿੱਤੀ ਸੀ। ਸਰਵਉਚ ਅਦਾਲਤ ਨੇ ਕਿਹਾ ਸੀ ਕਿ ਰਾਜਪਾਲ ਵਲੋਂ ਭੇਜੇ ਗਏ ਬਿੱਲ ’ਤੇ ਰਾਸ਼ਟਰਪਤੀ ਨੂੰ ਤਿੰਨ ਮਹੀਨਿਆਂ ਦੇ ਅੰਦਰ ਫੈਸਲਾ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਰਾਜਪਾਲ ਨੂੰ ਵਿਧਾਨ ਸਭਾ ਵਲੋਂ ਭੇਜੇ ਗਏ ਬਿੱਲ ’ਤੇ ਇਕ ਮਹੀਨੇ ਅੰਦਰ ਫੈਸਲਾ ਲੈਣਾ ਪਵੇਗਾ। ਇਸ ਫੈਸਲੇ ਦੌਰਾਨ ਅਦਾਲਤ ਨੇ ਰਾਜਪਾਲਾਂ ਵਲੋਂ ਰਾਸ਼ਟਰਪਤੀ ਨੂੰ ਭੇਜੇ ਗਏ ਬਿੱਲਾਂ ’ਤੇ ਵੀ ਸਥਿਤੀ ਸਪਸ਼ਟ ਕਰ ਦਿੱਤੀ ਸੀ। ਇਹ ਹੁਕਮ 11 ਅਪਰੈਲ ਨੂੰ ਜਨਤਕ ਕੀਤਾ ਗਿਆ ਸੀ।
ਸਰਵਉਚ ਅਦਾਲਤ ਨੇ ਸਪਸ਼ਟ ਕੀਤਾ ਸੀ ਜਦ ਸਮਾਂ ਸੀਮਾਂ ਨਿਰਧਾਰਿਤ ਹੋਵੇ ਤਾਂ ਤੈਅ ਸਮੇਂ ਵਿਚ ਫੈਸਲਾ ਕੀਤਾ ਜਾਵੇ। ਜੇ ਬਿੱਲ ਨੂੰ ਪਾਸ ਕਰਨ ਵਿਚ ਦੇਰੀ ਹੁੰਦੀ ਹੈ ਤਾਂ ਰਾਸ਼ਟਰਪਤੀ ਨੂੰ ਇਸ ਦੇ ਕਾਰਨ ਦੱਸਣੇ ਪੈਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਬਿੱਲ ਵਾਰ ਵਾਰ ਵਾਪਸ ਨਹੀਂ ਭੇਜੇ ਜਾ ਸਕਦੇ। ਅਦਾਲਤ ਦੇ ਬੈਂਚ ਨੇ ਕਿਹਾ ਕਿ ਜਦ ਰਾਸ਼ਟਰਪਤੀ ਕਿਸੇ ਬਿੱਲ ਨੂੰ ਰਾਜ ਦੀ ਵਿਧਾਨ ਸਭਾ ਵਿਚ ਪੁਨਰ ਵਿਚਾਰ ਕਰਨ ਲਈ ਭੇਜਦੇ ਹਨ ਤਾਂ ਵਿਧਾਨ ਸਭਾ ਉਸ ਨੂੰ ਮੁੜ ਪਾਸ ਕਰਦੀ ਹੈ ਤਾਂ ਰਾਸ਼ਟਰਪਤੀ ਨੂੰ ਉਸ ਬਿੱਲ ’ਤੇ ਆਖਰੀ ਫੈਸਲਾ ਲੈਣਾ ਪਵੇਗਾ। ਅਦਾਲਤ ਨੇ ਕਿਹਾ ਕਿ ਜਦ ਵਿਧਾਨ ਸਭਾ ਕਿਸੇ ਬਿੱਲ ਨੂੰ ਪਾਸ ਕਰ ਦੇਵੇ ਤੇ ਉਸ ਨੂੰ ਰਾਜਪਾਲ ਨੂੰ ਭੇਜੇ ਤੇ ਅੱਗੇ ਰਾਜਪਾਲ ਉਸ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜ ਦੇਵੇ ਤਾਂ ਇਸ ਸਥਿਤੀ ਵਿਚ ਰਾਸ਼ਟਰਪਤੀ ਨੂੰ ਉਸ ਬਿੱਲ ਨੂੰ ਮਨਜ਼ੂਰੀ ਦੇਣੀ ਪਵੇਗੀ ਜਾਂ ਮਨਜ਼ੂਰੀ ਨਾ ਦੇਣ ਦਾ ਕਾਰਨ ਦੱਸਣਾ ਪਵੇਗਾ।